ਵਿਜੀਲੈਂਸ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 11 ਜੂਨ, ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

CATEGORIES
Share This

COMMENTS

Wordpress (0)
Disqus (0 )
Translate