ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ

ਲੁਧਿਆਣਾ ਦਿਹਾਤੀ ਪੁਲਿਸ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕਰਵਾਇਆ ਬਾਸਕਟਬਾਲ ਟੂਰਨਾਮੈਂਟ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਤਿਆਰ

– ਡੀਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ ਨੇ ਐਸਐਸਪੀ ਲੁਧਿਆਣਾ ਦਿਹਾਤੀ ਨਵਨੀਤ ਬੈਂਸ ਨਾਲ ਟੂਰਨਾਮੈਂਟ ਦੇ ਜੇਤੂਆਂ ਦਾ ਕੀਤਾ ਸਨਮਾਨ

– ਅਜਿਹੀਆਂ ਪਹਿਲਕਦਮੀਆਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਵਿੱਚ ਹੁੰਦੀਆਂ ਹਨ ਮਦਦਗ਼ਾਰ : ਡੀਆਈਜੀ ਧਨਪ੍ਰੀਤ ਕੌਰ

– ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ  ਲਈ ਪਿੰਡ ਵਾਸੀਆਂ ਨੇ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਚੰਡੀਗੜ੍ਹ/ਲੁਧਿਆਣਾ, 22 ਜੂਨ:

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਸੇਧ ਦੇਣ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ।

  ਇਹ ਟੂਰਨਾਮੈਂਟ , ਐਸਐਸਪੀ ਲੁਧਿਆਣਾ (ਦਿਹਾਤੀ ) ਨਵਨੀਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਅਰਜੁਨਾ ਐਵਾਰਡੀ ਗੁਰਦਿਆਲ ਸਿੰਘ ਮੱਲ੍ਹੀ ਦੇ ਪਿੰਡ ਗੁੜ੍ਹੇ, ਮੁੱਲਾਂਪੁਰ ਦਾਖਾ ਵਿਖੇ ਕਰਵਾਇਆ ਗਿਆ।

  ਜ਼ਿਕਰਯੋਗ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ ‘ਰੋਕਥਾਮ’ ਦੇ ਹਿੱਸੇ ਵਜੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਨਸ਼ਿਆਂ ਵਿਰੁੱਧ ਜੰਗ ਵਿੱਚ ਆਮ ਲੋਕਾਂ ਦਾ  ਸਹਿਯੋਗ ਲੈਣ ਲਈ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਬਾਸਕਟਬਾਲ ਟੂਰਨਾਮੈਂਟ, ਕਬੱਡੀ, ਕ੍ਰਿਕਟ ਮੈਚ, ਵਾਲੀਬਾਲ, ਫੁੱਟਬਾਲ, ਸਾਈਕਲੋਥੌਨ, ਜਾਗਰੂਕਤਾ ਕੈਂਪ, ਨਾਟਕ, ਨੁੱਕੜ ਨਾਟਕ, ਮੈਰਾਥਨ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸਮੇਤ ਸਮਾਗਮ ਕਰਵਾਏ ਜਾ ਰਹੇ ਹਨ।

  ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਨੂੰ ਲਾਗੂ ਕੀਤਾ ਹੈ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਲੁਧਿਆਣਾ ਰੇਂਜ ਧਨਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਸਮਾਜ, ਖਾਸ ਕਰਕੇ ਨੌਜਵਾਨਾਂ, ਨੂੰ ਇੱਕਜੁਟ ਕਰਨਾ ਅਤੇ ਖੇਡਾਂ ਜ਼ਰੀਏ ਟੀਮ ਵਰਕ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨ ਵੱਲ ਸੇਧਿਤ ਕਰਨਾ  ਹੈ।    

ਉਹਨਾਂ ਕਿਹਾ ਕਿ ਟੂਰਨਾਮੈਂਟ ਨੇ ਨਾ ਕੇਵਲ ਇੱਕ ਮੁਕਾਬਲੇ ਦੇ ਪਲੇਟਫਾਰਮ ਵਜੋਂ ਕੰਮ ਕੀਤਾ ਹੈ ਬਲਕਿ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਇੱਕ ਅਹਿਮ ਪੇਸ਼ਕਦਮੀ  ਵੀ ਸਾਬਤ ਹੋਇਆ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਲੁਧਿਆਣਾ ਦਿਹਾਤੀ ਪੁਲਿਸ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਪਣੇ ਸਮਰਪਣ ਨੂੰ ਹੋਰ ਮਜ਼ਬੂਤ ਕੀਤਾ ਹੈ।

ਇਹ ਸਮਾਗਮ ਬਹੁਤ ਪ੍ਰਭਾਵਸ਼ਾਲੀ ਰਿਹਾ, ਜਿਸ ਵਿੱਚ ਲੜਕਿਆਂ ਦੀਆਂ ਛੇ ਟੀਮਾਂ ਅਤੇ ਲੜਕੀਆਂ ਦੀਆਂ ਦੋ ਟੀਮਾਂ ਸਮੇਤ ਕੁੱਲ ਅੱਠ ਟੀਮਾਂ ਨੇ ਭਾਗ ਲਿਆ। ਪੁਰਸ਼ ਵਰਗ ਵਿੱਚ ਲੁਧਿਆਣਾ ਬਾਸਕਟਬਾਲ ਅਕੈਡਮੀ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜ਼ਿਲ੍ਹਾ ਲੁਧਿਆਣਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਮਹਿਲਾ ਵਰਗ ਵਿੱਚ ਲੁਧਿਆਣਾ ਬਾਸਕਟਬਾਲ ਅਕੈਡਮੀ ਪਹਿਲੇ ਅਤੇ ਲੁਧਿਆਣਾ ਬਾਸਕਟਬਾਲ ਕਲੱਬ ਦੂਜੇ ਸਥਾਨ ’ਤੇ ਰਿਹਾ।
ਇਸ ਮੌਕੇ ਡੀਆਈਜੀ ਧਨਪ੍ਰੀਤ ਕੌਰ ਦੇ ਨਾਲ ਐਸਐਸਪੀ ਨਵਨੀਤ ਸਿੰਘ ਬੈਂਸ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਨਕਦ ਇਨਾਮ, ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ।

ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਦੀ  ਕੀਤੀ ਸ਼ਲਾਘਾ

ਬਾਸਕਟਬਾਲ ਟੂਰਨਾਮੈਂਟ ਦੇਖਣ ਆਏ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਜਿਹੇ ਜਾਗਰੂਕਤਾ ਸਮਾਗਮ ਕਰਵਾਉਣ ਅਤੇ ਇਸ ਦੇ ਨਾਲ ਹੀ ਨਸ਼ਿਆਂ ਦੇ ਆਦੀ ਹੋਏ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ  ਨਸ਼ਾ ਛੁਡਾਉ ਅਤੇ ਪੁਨਰਵਾਸ ਕੇਂਦਰਾਂ ਵਿੱਚ ਭੇਜ ਕੇ ਉਨ੍ਹਾਂ ਦੀ ਮਦਦ ਕਰਨ ਬਾਰੇ ਸ ਕੀਤੀ।

ਇਸ ਟੂਰਨਾਮੈਂਟ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਇੱਕ ਵਧੀਆ ਉਪਰਾਲਾ ਕਰਾਰ ਦਿੰਦਿਆਂ ਸਾਬਕਾ ਪੰਚਾਇਤ ਮੈਂਬਰ ਪਿੰਡ ਗੁਰੇਹ ,ਵੀਰਪਾਲ ਸਿੰਘ ਨੇ ਪੰਜਾਬ ਪੁਲਿਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨਾਂ ਵਿੱਚ ਖੇਡਾਂ ਨੂੰ ਪ੍ਰਫੱੁਲਿਤ ਕਰਨ ਵਿੱਚ ਸਹਾਈ ਹੋਣਗੀਆਂ।
ਪਿੰਡ ਨਵਾਂ ਡੱਲਾ ਦੇ ਵਾਸੀ ਗੁਰਦੀਪ ਸਿੰਘ ਨੇ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

CATEGORIES
Share This

COMMENTS

Wordpress (0)
Disqus (0 )
Translate