ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
ਚੰਡੀਗੜ੍ਹ, 24 ਜੂਨ:। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ।
ਸ੍. ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ ਇਕਾਈ ਹਾਕੀ ਚੰਡੀਗੜ੍ਹ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਨ੍ਹਾਂ ਖਿਡਾਰੀਆਂ ਵੱਲੋਂ ਵੱਖ-ਵੱਖ ਕੌਮਾਂਤਰੀ ਪਲੇਟਫਾਰਮਾਂ ‘ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਗਿਆ।
ਹਾਕੀ ਚੰਡੀਗੜ੍ਹ ਦੁਆਰਾ ਹਰ ਸਾਲ ਕਰਵਾਏ ਜਾਣ ਵਾਲੇ ਸਮਾਰੋਹ ਵਿੱਚ ਇਸ ਸਾਲ ਇੱਕ ਪ੍ਰਦਰਸ਼ਨੀ ਮੈਚ ਵੀ ਸ਼ਾਮਲ ਹੈ, ਜੋ ਕਿ ਐਫ.ਆਈ.ਐਚ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵਵਿਆਪੀ ਸਮਾਗਮਾਂ ਦੇ ਤਾਲਮੇਲ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਨਕਦ ਪੁਰਸਕਾਰਾਂ ਨਾਲ ਮਾਨਤਾ ਦਿੰਦਾ ਹੈ।