ਸਪੀਕਰ ਸੰਧਵਾਂ ਨੇ 250 ਵਾਤਾਵਰਣ ਪ੍ਰੇਮੀਆਂ ਅਤੇ ਕਿਸਾਨਾਂ ਦਾ ਕੀਤਾ ਵਿਸ਼ੇਸ਼ ਸਨਮਾਨ

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਹੋਇਆ ਵਿਸ਼ੇਸ਼ ਸੈਮੀਨਾਰ

ਫਰੀਦਕੋਟ, 8 ਦਸੰਬਰ

 ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.) ਫਰੀਦਕੋਟ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦੇ ਸਹਿਯੋਗ ਨਾਲ ਫਰੀਦਕੋਟ ਅਤੇ ਫਿਰੋਜਪੁਰ ਜਿਲਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤ ਪੱਖੀ ਕਿਸਾਨਾਂ ਅਤੇ ਨਿੱਜੀ ਜਾਂ ਪੰਚਾਇਤੀ ਜਮੀਨਾਂ ’ਚ ਜੰਗਲ ਲਾਉਣ ਵਾਲਿਆਂ ਦੇ ਵਿਸ਼ੇਸ਼ ਸਨਮਾਨ ਲਈ  ਸਮਾਗਮ ਕਰਵਾਇਆ ਗਿਆ। ਉਕਤ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਆਦਰਸ਼ਪਾਲ ਵਿੱਗ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਡਾ ਰੂਹੀ ਦੁੱਗ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਲੰਮੇ ਸਮੇਂ ਤੋਂ ਵਾਤਾਵਰਣ ਸੁਧਾਰ ਦੇ ਯਤਨ ਕਰ ਰਹੀ ਹੈ। ਵਾਤਾਵਰਣ ਦੀ ਸੰਭਾਲ ’ਚ ਵੱਡਾ ਯੋਗਦਾਨ ਪਾ ਰਹੇ ਕਿਸਾਨ ਸਿਰਫ ਆਪਣੇ ਖੇਤ ਅਤੇ ਆਪਣੇ ਪਰਿਵਾਰ ਦਾ ਹੀ ਨਹੀਂ ਸਗੋਂ ਸਰਬੱਤ ਦੇ ਭਲੇ ਦਾ ਕਾਰਜ ਵੀ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰ ਵਾਤਾਵਰਣ ਪੱਖੀ ਕਿਸਾਨਾਂ/ਸੰਸਥਾਵਾਂ ਨੂੰ ਇਸ ਨੇਕ ਕੰਮ ਲਈ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਹਰ ਸੰਭਵ ਕੋਸ਼ਿਸ਼ ਕਰੇਗੀ, ਕਿਉਂਕਿ ਪੰਜਾਬ ਦੇ ਵਾਤਾਵਰਣ ਦੀ ਸੰਭਾਲ ਲਈ ਇਹੋ ਜਿਹੇ ਸਾਰਥਕ ਕਾਰਜਾਂ ਦੀ ਬਹੁਤ ਲੋੜ ਹੈ। ਡਾ. ਆਦਰਸ਼ਪਾਲ ਵਿੱਗ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਡਾ ਰੂਹੀ ਦੁੱਗ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਹਾ ਕਿ ਪਰਾਲੀ ਨੂੰ ਖੇਤ ’ਚ ਵਾਹੁਣ ਨਾਲ ਖਾਦਾਂ ਦੀ ਜ਼ਰੂਰਤ ਬਹੁਤ ਘੱਟ ਜਾਵੇਗੀ, ਜੋ ਇੱਕ ਬਹੁਤ ਚੰਗੀ ਗੱਲ ਹੋਵੇਗੀ। ਇਸ ਮੌਕੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਕਨਵੀਨਰ ਨਰੋਆ ਪੰਜਾਬ ਮੰਚ, ਕੋਆਰਡੀਨੇਟਰ ਪੰਜਾਬ ਵਾਤਾਵਰਨ ਚੇਤਨਾ ਲਹਿਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਪੰਜਾਬ ਦੇ ਵਾਤਾਵਰਣ ਪ੍ਰਤੀ ਫਿਕਰਮੰਦੀ ਜਾਹਰ ਕਰਦਿਆਂ ਦੱਸਿਆ ਕਿ ਧਰਤੀ ਹੇਠਲਾ ਮਹਿਜ 16 ਸਾਲਾਂ ਦੇ ਲਗਭਗ ਪਾਣੀ ਰਹਿ ਗਿਆ ਹੈ, ਪੰਜਾਬ ਵਿੱਚ ਜੰਗਲਾਤ 33% ਤੋਂ ਘੱਟ ਕੇ 3.67% ਰਹਿ ਗਿਆ ਹੈ। ਮਾੜੇ ਵਾਤਾਵਰਨ ਕਰਕੇ ਪੰਜਾਬੀਆਂ ਦੀ ਸਿਹਤ ’ਤੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵ ਤੇਜੀ ਨਾਲ ਵੱਧ ਰਹੇ ਹਨ, ਪੰਜਾਬ ਦੀ ਧਰਤੀ ਹੁਣ ਬਿਮਾਰਾਂ ਦੀ ਧਰਤੀ ਬਣਦੀ ਜਾ ਰਹੀ ਹੈ, ਇਸ ਲਈ ਵਾਤਾਵਰਨ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ ਅਤੇ ਇਸ ਲਈ ਆਉਣ ਵਾਲੀਆਂ ਪੀੜੀਆਂ ਨੂੰ ਚੰਗਾ ਵਾਤਾਵਰਣ ਦੇਣਾ ਸਭ ਦੀ ਜਿੰਮੇਵਾਰੀ ਵੀ ਹੈ।

 ਉਘੇ ਲੇਖਕ ਤੇ ਚਿੰਤਕ ਡਾ. ਗੁਰਚਰਨ ਸਿੰਘ ਨੂਰਪੁਰ ਮੁਤਾਬਿਕ ਸੁਸਾਇਟੀ ਵਲੋਂ ਪਹਿਲਾਂ ਪੰਜਾਬ ਵਿਧਾਨ ਸਭਾ ਤੋਂ ਇਲਾਵਾ ਕੋਟਕਪੂਰਾ, ਹਰਿਰਾਏਪੁਰ ਬਠਿੰਡਾ, ਖਡੂਰ ਸਾਹਿਬ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਵੀ ਵੱਖ-ਵੱਖ ਸਮੇਂ 2100 ਦੇ ਲਗਭਗ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ। ਮੰਚ ਸੰਚਾਲਕ ਗੁਰਿੰਦਰ ਸਿੰਘ ਕੋਟਕਪੂਰਾ ਨੇ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਸਰਕਾਰ ਨੇ ਕਿਸਾਨਾਂ ਦੇ ਇਸ ਚੰਗੇ ਕੰਮ ਦੀ ਹੌਂਸਲਾ ਅਫ਼ਜ਼ਾਈ ਕੀਤੀ ਹੈ ਅਤੇ ਅਗਲੇ ਸਾਲ ਇਸ ਦੇ ਹੋਰ ਵੀ ਚੰਗੇ ਨਤੀਜੇ ਨਿਕਲਣਗੇ। ਉਹਨਾਂ ਦੱਸਿਆ ਕਿ ਉਕਤ ਸਖਸ਼ੀਅਤਾਂ ਵੱਲੋਂ ਕਿਸਾਨਾਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਪ੍ਰਸੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ’ਚ ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦਾ ਵਿਸ਼ੇਸ਼ ਸਹਿਯੋਗ ਰਿਹਾ।

 ਇਸ ਮੌਕੇ ਉਪਰੋਕਤ ਦੋਨੋਂ ਜਿਲਿਆਂ ਦੇ ਮੁੱਖ ਖੇਤੀਬਾੜੀ ਅਫਸਰ ਅਤੇ ਵਣ ਰੇਂਜ ਅਫਸਰਾਂ ਤੋਂ ਇਲਾਵਾ ਡਾ. ਮਨਜੀਤ ਸਿੰਘ ਢਿੱਲੋਂ, ਜਗਸੀਰ ਸਿੰਘ ਗਿੱਲ, ਊਧਮ ਸਿੰਘ ਔਲਖ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਰਾਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਸੰਧੂ, ਅਮਨਦੀਪ ਸਿੰਘ ਸੰਧੂ, ਗਗਨਜੋਤ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate