ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ
ਨਵੀਂਆਂ ਮੰਡੀਆਂ ਬਣਨਗੀਆਂ, ਵਿਕਾਸ ਕਾਰਜ ਤੇਜ ਕਰਨ ਦੀ ਦਿੱਤੀ ਹਦਾਇਤ
ਫਾਜ਼ਿਲਕਾ 8 ਜੁਲਾਈ
ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਹਨਾਂ ਨੇ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਦਾ ਥਾਪਰ ਮਾਡਲ ਦੇ ਤਹਿਤ ਨਵੀਨੀਕਰਨ ਕੀਤਾ ਜਾਵੇ, ਇਸ ਲਈ 15ਵੇਂ ਵਿੱਤ ਕਮਿਸ਼ਨ, ਮਗਨਰੇਗਾ ਅਤੇ ਸਵੱਛ ਭਾਰਤ ਮਿਸ਼ਨ ਦੇ ਫੰਡਾਂ ਨੂੰ ਇਕੱਠੇ ਕਰਕੇ ਇਹ ਕਾਰਜ ਨੇਪਰੇ ਚਾੜੇ ਜਾਣ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਪਿੰਡ ਚੱਕ ਜੰਡਵਾਲਾ ਅਤੇ ਰੱਤਾ ਥੇੜ ਵਿੱਚ ਨਵੀਆਂ ਮੰਡੀਆਂ ਬਣਾਈਆਂ ਜਾਣਗੀਆਂ ਤਾਂ ਜੋ ਸਾਡੇ ਕਿਸਾਨ ਭਰਾਵਾਂ ਨੂੰ ਫਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਇਹ ਵੀ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਸਾਰੇ ਪਿੰਡਾਂ ਵਿੱਚ ਲਾਈਬ੍ਰੇਰੀਆਂ ਬਣਾਈਆਂ ਜਾਣ। ਉਹਨਾਂ ਨੇ ਇਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਐਸਟੀਮੇਟ ਤਿਆਰ ਕਰਨ ਦੀ ਹਦਾਇਤ ਕੀਤੀ।
ਵਿਧਾਇਕ ਨੇ ਦੱਸਿਆ ਕਿ ਅਰਨੀਵਾਲਾ ਵਿੱਚ ਨਵੀਂ ਦਾਣਾ ਮੰਡੀ ਬਣਾਈ ਜਾ ਰਹੀ ਹੈ ਜਦਕਿ ਕੁਹਾੜਿਆਂਵਾਲੀ ਅਤੇ ਜੰਡ ਵਾਲਾ ਭੀਮੇ ਸ਼ਾਹ ਦੀਆਂ ਪੁਰਾਣੀਆਂ ਦਾਣਾ ਮੰਡੀਆਂ ਨੂੰ ਪੱਕਾ ਕੀਤਾ ਜਾਵੇਗਾ। ਉਹਨਾਂ ਨੇ ਅਰਨੀਵਾਲਾ ਵਿਖੇ ਪੈਲਸ ਨੂੰ ਵੀ ਜਲਦ ਸ਼ੁਰੂ ਕਰਨ ਦੀ ਹਦਾਇਤ ਨਗਰ ਪੰਚਾਇਤ ਨੂੰ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਸ਼੍ਰੀ ਬਲਕਰਨ ਸਿੰਘ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ, ਜ਼ਿਲਾ ਮੰਡੀ ਅਫਸਰ ਜਸਮੀਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਗਗਨਦੀਪ ਕੌਰ ਅਤੇ ਕੇਵਲ ਕੁਮਾਰ, ਕਾਰਜ ਸਾਧਕ ਅਫਸਰ ਗੁਰਦਾਸ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ