ਵਾਤਾਵਰਨ ਦੀ ਸੰਭਾਲ ਲਈ ਹਰ ਮਨੁੱਖ ਲਾਵੇ ਪੰਜ ਰੁੱਖ- ਚੇਅਰਮੈਨ ਮੰਡੀ ਬੋਰਡ
ਹਰਚੰਦ ਸਿੰਘ ਬਰਸਟ ਨੇ ਵਿਧਾਇਕ ਰੰਧਾਵਾ ਨਾਲ ਲਾਲੜੂ ਮੰਡੀ ਦਾ ਦੌਰਾ ਕਰਕੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਐੱਸ ਏ ਐੱਸ ਨਗਰ, 12 ਜੁਲਾਈ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰ. ਹਰਚੰਦ ਸਿੰਘ ਬਰਸਟ ਨੇ ਵਣਮਹਾਂਉਤਸਵ ਸਬੰਧੀ ਲਾਲੜੂ ਮੰਡੀ ਵਿਖੇ ਬੂਟੇ ਲਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੀ ਜ਼ਿੰਦਗੀ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ, ਜਿਸ ਲਈ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਸਾਫ਼ ਰਹਿ ਸਕੇ ਤੇ ਬਿਮਾਰੀਆਂ ਤੋਂ ਵੀ ਬਚਾਅ ਹੋ ਸਕੇ। ਉਹਨਾਂ ਕਿਹਾ ਕਿ ਹਰ ਮਨੁੱਖ ਘੱਟੋ-ਘਟ 05 ਬੂਟੇ ਤਾਂ ਲਾਜ਼ਮੀ ਹੀ ਲਾਵੇ। ਉਨ੍ਹਾਂ ਆੜ੍ਹਤੀਆਂ, ਕਿਸਾਨਾਂ ਅਤੇ ਮਾਰਕੀਟ ਕਮੇਟੀਆਂ ਨੂੰ 5-5 ਰੁੱਖ ਲਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਵੀ ਆਖਿਆ। ਸ. ਬਰਸਟ ਜੋਕ ਕਿ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਸੱਦੇ ਤੇ ਲਾਲੜੂ ਮੰਡੀ ਦੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਸਨ, ਨੇ ਕਿਹਾ ਕਿ ਅੱਜ ਜਦੋਂ ਸਾਰੀ ਦੁਨੀਆਂ ਵਾਤਾਵਰਨ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਜੇ ਵਾਤਾਵਰਨ ਸਾਫ਼ ਹੋਵੇਗਾ ਤਾਂ ਅਸੀਂ ਸਾਫ਼ ਹਵਾ ਵਿੱਚ ਸਾਹ ਲੈ ਸਕਾਂਗੇ ਤੇ ਬਿਮਾਰੀਆਂ ਤੋਂ ਬਚੇ ਰਹਾਂਗੇ। ਇਸ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼ ਸੁਥਰਾ ਵਾਤਾਵਰਨ ਮਿਲ ਸਕੇਗਾ। ਉਨ੍ਹਾਂ ਇਸ ਮੌਕੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਵਿਧਾਇਕ ਰੰਧਾਵਾ ਅਤੇ ਉਨਾਂ ਵੱਲੋਂ ਰਖੀਆਂ ਮੁਸ਼ਕਿਲਾਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਰਫ਼ਤਾਰ ਨਾਲ ਕਿਸਾਨ ਆਪਣੇ ਖੇਤਾਂ ਵਿਚੋਂ ਦਰੱਖਤ ਵੱਢ ਰਹੇ ਹਨ, ਉਸ ਹਿਸਾਬ ਨਾਲ ਆਉਣ ਵਾਲੀਆਂ ਨਸਲਾਂ ਨੂੰ ਸਾਹ ਲੈਣ ਜੋਗੀ ਆਕਸੀਜਨ ਵੀ ਨਹੀਂ ਮਿਲਣੀ।ਇਸ ਲਈ ਦਰੱਖਤ ਵੱਢਣ ਦੀ ਮਾੜੀ ਪਿਰਤ ਛੱਡ ਕੇ ਬੂਟੇ ਲਾਉਣ ਦੀ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਨੇ ਨਾਲ ਇਹ ਵੀ ਕਿਹਾ ਕਿ ਬੂਟੇ ਲਾਉਣ ਵੇਲੇ ਤਰਜੀਹ ਸਥਾਨਕ ਬੂਟੇ ਲਾਉਣ ਨੂੰ ਹੀ ਦਿੱਤੀ ਜਾਵੇ। ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਲਾਲੜੂ ਮੰਡੀ ਦਾ ਦੌਰਾ ਕਰ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਧੰਨਵਾਦ ਕੀਤਾ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਪਤਵੰਤੇ ਹਾਜ਼ਰ ਸਨ।