ਸ਼੍ਰੋਮਣੀ ਕਮੇਟੀ ਦੇ ਵਫਦ ਨੇ ਸ਼੍ਰੀ ਗੰਗਾਨਗਰ ਦੇ ਪੁਲਿਸ ਮੁਖੀ ਨੂੰ ਸੌਂਪਿਆ ਪਰਚਾ ਰੱਦ ਕਰਨ ਦਾ ਮੰਗ ਪੱਤਰ

ਮਾਮਲਾ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦੇਸ਼ ਧ੍ਰੋਹ ਦੇ ਪਰਚੇ ਦਾ

ਸ਼੍ਰੀ ਗੰਗਾਨਗਰ 15 ਜੁਲਾਈ
ਬੀਤੇ ਦਿਨੀਂ ਰਾਜਸਥਾਨ ਦੇ ਸਿੱਖ ਆਗੂ ਸ. ਤੇਜਿੰਦਰਪਾਲ ਸਿੰਘ ਟਿੰਮਾ ਦੇ ਵਿਰੁੱਧ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਸ੍ਰੀ ਗੰਗਾਨਗਰ ਜ਼ਿਲ੍ਹਾ ਦੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਨਾਲ ਮੁਲਾਕਾਤ ਕਰਕੇ ਇਹ ਪਰਚਾ ਰੱਦ ਕਰਨ ਦੀ ਮੰਗ ਕੀਤੀ।
ਸ਼੍ਰੋਮਣੀ ਕਮੇਟੀ ਵਫ਼ਦ ਵਿੱਚ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ. ਜਗਸੀਰ ਸਿੰਘ ਮਾਂਗੇਆਣਾ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਮੁਖੀ ਨੂੰ ਲਿਖਤੀ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ ਲਗਾਏ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਇਹ ਸਿੱਖਾਂ ਨਾਲ ਅਨਿਆਂ ਵੀ ਹੈ। ਇਸ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ ਦੀ ਭਾਵਨਾ ਪੈਦਾ ਹੋਈ ਹੈ, ਜਿਸ ਦੇ ਮੱਦੇਨਜ਼ਰ ਇਹ ਪਰਚਾ ਤੁਰੰਤ ਰੱਦ ਕੀਤਾ ਜਾਵੇ।
ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਰਫ਼ੋਂ ਸਿੱਖ ਸੰਸਥਾ ਦੇ ਵਫ਼ਦ ਮੈਂਬਰਾਂ ਨੇ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਦੇਸ਼ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਮਾਨਵ ਭਲਾਈ ਲਈ ਵੀ ਮੋਹਰੀ ਭੂਮਿਕਾ ਨਿਭਾਈ ਹੈ। ਭਾਈ ਤੇਜਿੰਦਰਪਾਲ ਸਿੰਘ ਟਿੰਮਾ ਇੱਕ ਸਿੱਖ ਆਗੂ ਵਜੋਂ ਧਰਮ ਪ੍ਰਚਾਰ ਖੇਤਰ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਰਾਜਸਥਾਨ ਸੂਬੇ ਅੰਦਰ ਜ਼ਿਕਰਯੋਗ ਕਾਰਜ ਕਰ ਰਹੇ ਹਨ। ਅਜਿਹੀ ਸ਼ਖ਼ਸੀਅਤ ਨੂੰ ਕੁਝ ਲੋਕਾਂ ਵੱਲੋਂ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਭਾਈਚਾਰਕ ਸਾਂਝਾਂ ਵਿੱਚ ਵਿਗਾੜ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।


ਇਸ ਤੋਂ ਪਹਿਲਾਂ ਸ੍ਰੀ ਗੰਗਾਨਗਰ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਤੇ ਇਲਾਕੇ ਦੀ ਸੰਗਤ ਤੇ ਪ੍ਰਮੁਖ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਵਿੱਚ ਸਿੱਖ ਸੰਸਥਾ ਵੱਲੋਂ ਉਨ੍ਹਾਂ ਦੇ ਨਾਲ ਖੜ੍ਹਣ ਦੀ ਵਚਨਬੱਧਤਾ ਦਹੁਰਾਈ। ਇਸ ਮੌਕੇ ਹਰਪ੍ਰੀਤ ਸਿੰਘ ਭਾਟੀਆ, ਸਤਨਾਮ ਸਿੰਘ ਲਾਡਾ, ਹਰਸਿਮਰਨ ਸਿੰਘ, ਕਾਰਜ ਸਿੰਘ, ਬੀਬੀ ਹਰਮੀਤ ਕੌਰ, ਬਾਬਾ ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸਿੱਖ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate