ਜਲਾਲਾਬਾਦ ਦੇ ਵਿਧਾਇਕ ਗੋਲਡੀ ਕੰਬੋਜ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਬੈਠਕ, ਸਰਹੱਦੀ ਇਲਾਕੇ ਦੇ ਮੁੱਦੇ ਚੁੱਕੇ

ਸੇਮ ਮਾਰੇ ਪਿੰਡਾਂ ਵਿੱਚ ਮੁੜ ਵਸੇਬੇ ਦੇ ਪ੍ਰੋਜੈਕਟ ਸ਼ੁਰੂ ਕਰਨ ਤੇ ਸਿੱਖਿਆ ਢਾਂਚੇ ਨੂੰ ਮਜਬੂਤ ਕਰਨ ਦੀ ਰੱਖੀ ਮੰਗ
ਜਲਾਲਾਬਾਦ 20 ਜੁਲਾਈ। ਜਲਾਲਾਬਾਦ ਦੇ ਨੌਜਵਾਨ ਅਤੇ ਮਿਹਨਤੀ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਆਪਣੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਮੁੱਦੇ ਜਿੱਥੇ ਉਹਨਾਂ ਦੇ ਸਾਹਮਣੇ ਰੱਖੇ ਉੱਥੇ ਸਰਹੱਦੀ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਵੀ ਮੁੱਖ ਮੰਤਰੀ ਸਾਹਮਣੇ ਰੱਖੀਆਂ।ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਇਸ ਮੀਟਿੰਗ ਦੌਰਾਨ ਉਨਾਂ ਨੇ ਸਰਹੱਦੀ ਖੇਤਰ ਵਿੱਚ ਸਿੱਖਿਆ ਢਾਂਚੇ ਨੂੰ ਹੋਰ ਮਜਬੂਤ ਕਰਨ ਦੀ ਜਿੱਥੇ ਮੰਗ ਰੱਖੀ, ਉੱਥੇ ਨਾਲ ਦੀ ਨਾਲ ਉਹਨਾਂ ਨੇ ਇਸ ਇਲਾਕੇ ਵਿੱਚ ਵੱਧ ਤੋਂ ਵੱਧ ਨਹਿਰੀ ਪਾਣੀ ਮੁਹਈਆ ਕਰਵਾਉਣ ਦੀ ਮੰਗ ਵੀ ਮੁੱਖ ਮੰਤਰੀ ਸਾਹਮਣੇ ਰੱਖੀ। ਉਹਨਾਂ ਆਖਿਆ ਕਿ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਵਰਤੋਂ ਨਾਲ ਧਰਤੀ ਹੇਠਲਾ ਪਾਣੀ ਨੀਵਾਂ ਜਾ ਰਿਹਾ ਹੈ। ਇਸ ਲਈ ਜਰੂਰੀ ਹੈ ਕਿ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਦਿੱਤਾ ਜਾਵੇ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੀ ਛਿਮਾਹੀ ਨਹਿਰਾਂ ਨੂੰ ਬਾਰਾਮਸੀ ਕਰਨ ਦਾ ਫੈਸਲਾ ਕੀਤਾ ਗਿਆ ਸੀ ਅਤੇ ਹੁਣ ਅਸੀਂ ਮੁੱਖ ਮੰਤਰੀ ਸਾਹਮਣੇ ਮੰਗ ਰੱਖੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਪਾਣੀ ਸਰਹੱਦੀ ਕਿਸਾਨਾਂ ਨੂੰ ਮੁਹਈਆ ਕਰਵਾਇਆ ਜਾਵੇ।
ਵਿਧਾਇਕ ਨੇ ਇਸ ਮੌਕੇ ਦੱਸਿਆ ਕਿ ਜਲਾਲਾਬਾਦ ਹਲਕੇ ਦੇ ਕਈ ਪਿੰਡਾਂ ਵਿੱਚ ਸੇਮ ਨਾਲ ਜਮੀਨਾਂ ਖਰਾਬ ਹੋ ਚੁੱਕੀਆਂ ਹਨ ਅਤੇ ਇਸ ਸਮੱਸਿਆ ਦਾ ਸਥਾਈ ਹੱਲ ਕੀਤੇ ਜਾਣ ਦੀ ਜਰੂਰਤ ਹੈ। ਇਸ ਲਈ ਉਹਨਾਂ ਨੇ ਸੇਮ ਮਾਰੀਆਂ ਜਮੀਨਾਂ ਦੀ ਪੁਨਰ ਸੁਰਜੀਤੀ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕਰਨ ਦੀ ਮੰਗ ਵੀ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੋਲ ਰੱਖੀ।

ਵਿਧਾਇਕ ਨੇ ਦੱਸਿਆ ਕਿ ਸੁਖਾਵੇ ਮਾਹੌਲ ਵਿੱਚ ਹੋਈ ਇਸ ਬੈਠਕ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਹਲਕੇ ਦੀਆਂ ਇਹ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਪਹਿਲਾਂ ਵੀ ਜਲਾਲਾਬਾਦ ਹਲਕੇ ਵਿੱਚ ਵਿਕਾਸ ਦੇ ਕੰਮ ਜ਼ੋਰਾਂ ਨਾਲ ਚੱਲ ਰਹੇ ਹਨ।

CATEGORIES
TAGS
Share This

COMMENTS

Wordpress (0)
Disqus (0 )
Translate