ਸੜਕੀ ਹਾਦਸਿਆਂ ਤੋਂ ਬਚਾਅ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ : ਡਿਪਟੀ ਕਮਿਸ਼ਨਰ
–ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਅਧਿਕਾਰੀਆਂ/ਕਰਮਚਾਰੀਆਂ ਨੂੰ ਚੁਕਵਾਈ ਸਹੁੰ
ਬਠਿੰਡਾ, 9 ਦਸੰਬਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਇੱਥੇ ਅਧਿਕਾਰੀਆਂ/ਕਰਮਚਾਰੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁਕਾਈ ਗਈ। ਉਨ੍ਹਾਂ ਇਸ ਮੌਕੇ ਕਿਹਾ ਕਿ ਸਾਡਾ ਸਭ ਦਾ ਫ਼ਰਜ ਬਣਦਾ ਹੈ ਸਾਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ, ਰਿਸ਼ਤੇਦਾਰਾਂ ਅਤੇ ਹੋਰ ਸੱਜਣਾਂ ਨੂੰ ਵੀ ਟ੍ਰੈਫ਼ਿਕ ਨਿਯਮਾਂ ਸਬੰਧੀ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸੜਕੀ ਸੁਰੱਖਿਆ ਸਬੰਧੀ ਇੱਕ ਦੈਨਿਕ ਅਖ਼ਬਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਿਹਾ ਕਿ ਹਰ ਮਨੁੱਖ ਨੂੰ ਸੜਕ ਤੇ ਚਲਦੇ ਸਮੇਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਆਪਣੀ ਮੁਢਲੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਹਰ ਸਾਲ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਹਜ਼ਾਰਾਂ ਲੋਕਾਂ ਦੀਆਂ ਜਿੰਦਗੀਆਂ ਸੜਕੀ ਹਾਦਸਿਆਂ ਵਿੱਚ ਅਜਾਇਆ ਚਲੀਆਂ ਜਾਂਦੀਆਂ ਹਨ। ਸੜਕ ਤੇ ਚਲਦੇ ਸਮੇਂ ਅਸੀਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਹਜ਼ਾਰਾਂ ਮਨੁੱਖੀ ਜਿੰਦਗੀਆਂ ਸੜਕੀ ਹਾਦਸਿਆਂ ਤੋਂ ਬਚਾਅ ਸਕਦੇ ਹਾਂ।
ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਬੇਸ਼ੱਕ ਅਸੀਂ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਕੇ ਕੁਝ ਸਮਾਂ ਜਲਦੀ ਪਹੁੰਚ ਸਕਦੇ ਹਾਂ, ਪਰ ਆਪਣੇ ਆਪ ਦੇ ਨਾਲ-ਨਾਲ ਦੂਜਿਆਂ ਦੀ ਜਾਨ ਨੂੰ ਵੀ ਖਤਰੇ ਵਿੱਚ ਪਾ ਦਿੰਦੇ ਹਨ। ਡਿਪਟੀ ਕਮਿਸ਼ਨਰ ਨੇ ਉਮੀਦ ਜਿਤਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਤੋਂ ਗੁਰੇਜ਼ ਕਰਨ ਚਾਹੀਦਾ ਹੈ ਅਤੇ ਚਾਹ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਲਾਜ਼ਮੀ ਪਾਉਣਾ ਚਾਹੀਦਾ ਹੈ।