ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸੌਖਾ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ.ਬਲਜੀਤ ਕੌਰ

ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਹੋਵੇਗੀ ਸਿਰਜਣਾ

ਗੈਰ ਸਰਕਾਰੀ ਸੰਸਥਾਵਾਂ ਨੂੰ ਪ੍ਰਤੀ ਸਾਲ 26 ਲੱਖ ਰੁਪਏ ਦੀ ਮਾਲੀ ਸਹਾਇਤਾ

ਚੰਡੀਗੜ੍ਹ, 6 ਅਗਸਤ। ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ।

ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਨ ਫਾਰ ਪਬਲਿਕ ਐਡਮੀਨੀਸਟਰੇਸ਼ਨ, ਚੰਡੀਗੜ ਵਿਖੇ ਅਡੋਪਸ਼ਨ ਰੈਗੁਲੇਸ਼ਨ, 2022 ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨਾਥ ਬੱਚਿਆਂ ਦੀ ਦੇਖਭਾਲ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਤੇ ਅਨਾਥ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੀਆਂ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਨੂੰ ਪ੍ਰਤੀ ਸਾਲ 26 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਲਾਗੂ ਕਰਦੇ ਹੋਏ ਵਿਭਾਗ ਵੱਲੋਂ 300 ਤੋਂ ਵੱਧ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਦਿਵਾਉਂਦੇ ਹੋਏ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਦਿੱਤਾ ਗਿਆ ਹੈ।

ਉਨ੍ਹਾਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਪ੍ਰਾਪਤ ਹੋਣ ਵਾਲੀਆਂ ਬੱਚਾ ਗੋਦ ਲੈਣ ਸਬੰਧੀ ਅਰਜੀਆਂ ਦਾ ਨਿਪਟਾਰਾ ਮਿਥੇ ਸਮੇਂ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਹਨਾਂ ਨੇ ਸਿਵਲ ਸਰਜਨਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੱਚੇ ਨੂੰ ਗੋਦ ਲੈਣ ਉਪਰੰਤ ਮਾਪਿਆਂ ਨੂੰ ਬੱਚੇ ਦੇ ਜਨਮ ਸਰਟੀਫਿਕੇਟ ਵਿੱਚ ਇੰਦਰਾਜ ਕਰਵਾਉਣ ਲਈ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਹਨਾਂ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਜੇਕਰ ਕਿਸੇ ਵਿਦੇਸ਼ੀ ਜੋੜੇ ਜਾਂ ਬਾਹਰਲੇ ਰਾਜਾਂ ਦੇ ਜੋੜਿਆ ਵੱਲੋਂ ਅਪਣਾਇਆ ਜਾਂਦਾ ਹੈ ਤਾਂ ਉਹਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਮੰਤਰੀ ਨੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਡੋਪਸ਼ਨ ਪ੍ਰਕਿਰਿਆ ਨੂੰ ਮਜਬੂਤ ਬਣਾਉਣ ਦੇ ਲਈ ਮਾਪਿਆਂ ਦੇ ਸਹਾਇਤਾ ਗਰੁੱਪ ਬਣਾਏ ਜਾਣ ਤਾਂ ਜੋ ਗੋਦ ਲਏ ਜਾ ਚੁੱਕੇ ਬੱਚਿਆਂ ਦਾ ਫੋਲੋ ਅੱਪ ਅਤੇ ਮਾਪਿਆਂ ਦੀ ਕਾਉਂਸਲਿੰਗ ਕੀਤੀ ਜਾ ਸਕੇ। ਇਸੇ ਤਰ੍ਹਾਂ ਜਿਹੜੇ ਮਾਪਿਆਂ ਵੱਲੋਂ ਬੱਚਿਆਂ ਨੂੰ ਗੋਦ ਲਿਆ ਜਾਣਾ ਹੈ ਉਹਨਾਂ ਨੂੰ ਵੀ ਗੋਦ ਲੈਣ ਉਪਰੰਤ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਇਸ ਮੰਤਵ ਲਈ ਪ੍ਰੇਰਿਤ ਕੀਤਾ ਜਾ ਸਕੇ।

ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਬੱਚਾ ਗੋਦ ਲੈਣ ਨਾਲ ਸਬੰਧਤ ਅਰਜੀਆਂ ਨੂੰ ਮੈਰਿਟ ਦੇ ਆਧਾਰ ਤੇ ਵੈਰੀਫਾਈ ਕੀਤਾ ਜਾਵੇ ਅਤੇ ਸਹੀ ਤੱਥਾਂ ਦੇ ਆਧਾਰ ਤੇ ਹੀ ਇਨ੍ਹਾਂ ਕੇਸਾਂ ਨੂੰ ਸਮਾਂ ਬੱਧ ਤਰੀਕੇ ਦੇ ਨਾਲ ਜਿਲ੍ਹਾ ਮੈਜਿਸਟ੍ਰੇਟਾਂ ਤੋ ਨਿਪਟਾਰਾ ਕਰਵਾਇਆ ਜਾਵੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਵਿਸ਼ੇਸ਼ ਮੁੱਖ ਸਕੱਤਰ, ਸ਼੍ਰੀਮਤੀ ਰਾਜੀ.ਪੀ. ਸ਼੍ਰੀ.ਵਾਸਤਵਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵੱਲੋ ਬੱਚੇ ਗੋਦ ਲੈਣ ਵਾਲੇ ਸਾਰੇ ਅਦਾਰਿਆਂ ਨੂੰ ਬੱਚਾ ਗੋਦ ਲੈਣ ਦੀ ਪ੍ਰਕ੍ਰਿਆ ਨੂੰ ਸੂਬੇ ਵਿਚ ਮਜਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨ ਲਈ ਪ੍ਰੋਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਹਰ ਇਕ ਬੱਚੇ ਨੂੰ ਪਰਿਵਾਰ ਮਿਲ ਸਕੇ ਅਤੇ ਉਹ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਨੇ ਸਟੇਕਹੋਲਡਰਾਂ ਦਾ ਸਵਾਗਤ ਕੀਤਾ। ਉਨ੍ਹਾਂ ਬੱਚੇ ਨੂੰ ਗੋਦ ਲੈਣ ਸਬੰਧੀ ਵਿਸਤਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਸੈਂਟਰਲ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ), ਨਵੀ ਦਿੱਲੀ ਦੇ ਡਿਪਟੀ ਡਾਇਰੈਕਟਰ ਪੂਨਮ ਸ਼ਰਮਾ ਅਤੇ ਕੰਸਲਟੈਂਟ ਸ਼ਿਵਾਨੀ ਚੌਹਾਨ ਵੱਲੋਂ ਅਡਾਪਸ਼ਨ ਰੈਗੁਲੇਸ਼ਨ, 2022 ਅਧੀਨ ਬੱਚੇ ਨੂੰ ਗੋਦ ਲੈਣ ਦੀ ਪ੍ਰਕ੍ਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਬੱਚੇ ਦੀ ਆਉਣ ਵਾਲੀ ਜਿੰਦਗੀ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਇਸ ਮੌਕੇ ਗੋਦ ਲਈ ਬੇਟੀ ਦੀ ਮਾਂ ਮਿਨਾਲ ਲਾਲ ਨੇ ਆਪਣੇ ਅਨੁਭਵ ਸਾਂਝੇ ਕੀਤੇ।

ਇਸ ਰਾਜ ਪੱਧਰੀ ਟਰੇਨਿੰਗ ਪ੍ਰੋਗਰਾਮ ਵਿੱਚ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਵਧੀਕ ਡਿਪਟੀ ਕਮਿਸ਼ਨਰ, ਚੀਫ ਮੈਡੀਕਲ ਅਫਸਰ ਅਤੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਕੰਮ ਕਰ ਰਹੇ ਸਟੇਕਹੋਲਡਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਸੁਰੱਖਿਆ ਅਫਸਰ, ਮੈਂਬਰ ਬਾਲ ਭਲਾਈ ਕਮੇਟੀ, ਸਪੈਸ਼ਲਾਇਜ਼ਡ ਅਡਾਪਸ਼ਨ ਏਜੰਸੀ (ਸਾ) ਦੇ ਨੁਮਾਇੰਦਿਆਂ ਨੇ ਭਾਗ ਲਿਆ।

CATEGORIES
Share This

COMMENTS

Wordpress (0)
Disqus (0 )
Translate