ਡਿਪਟੀ ਕਮਿਸ਼ਨਰ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ
ਕਿਹਾ, ਲੋਕਾਂ ਨੂੰ ਵੱਖ ਵੱਖ ਵਿਭਾਗਾਂ ਨਾਲ ਸੰਬੰਧਿਤ ਆਪਣੇ ਕੰਮ ਕਰਵਾਉਣ ਵਿੱਚ ਕੋਈ ਨਾ ਆਉਣ ਦਿੱਤੀ ਜਾਵੇ ਦਿੱਕਤ
ਫਾਜ਼ਿਲਕਾ 6 ਅਗਸਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਫਤਰਾਂ ਵਿੱਚ ਲੋਕਾਂ ਨੂੰ ਪਾਰਦਰਸ਼ੀ ਅਤੇ ਤੇਜ਼ੀ ਨਾਲ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਐਂਟਰੀ ਗੇਟ ਵਿਖੇ ਸਹਾਇਤਾ ਤੇ ਸਵਾਗਤ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਥੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅਚਾਨਕ ਪਹੁੰਚ ਕਰਕੇ ਸਟਾਫ ਦੇ ਕੰਮਕਾਜ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਇਹ ਹਦਾਇਤ ਕੀਤੀ ਕਿ ਲੋਕਾਂ ਦੀਆਂ ਅਰਜੀਆਂ ਦਾ ਸਮਾਂ ਵੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ ਅਤੇ ਦਫਤਰ ਵਿੱਚ ਆਉਣ ਵਾਲੇ ਲੋਕਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਕੌਣ ਨਾਗਰਿਕ, ਕਿਹੜੀ ਸਰਵਿਸ ਲੈਣ ਲਈ, ਕਿਸ ਦਿਨ ਆਇਆ ਸੀ ਅਤੇ ਉਸ ਨੂੰ ਇਹ ਸੇਵਾ ਕਿੰਨੇ ਦਿਨਾਂ ਬਾਅਦ ਦਿੱਤੀ ਜਾ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸੇਵਾਵਾਂ ਦੇਣ ਲਈ ਤੈਅ ਸਮਾਂ ਹੱਦ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਮੁੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਸਵਾਗਤ ਕੇਂਦਰ ਤੇ ਹੀ ਸਮੇਤ ਕੰਪਿਊਟਰ ਬਿਠਾਏ ਗਏ ਹਨ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਤੁਰੰਤ ਹੱਲ ਕੀਤਾ ਜਾ ਸਕੇ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਸਕੇ। ਉਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਤੁਰੰਤ ਉਨ੍ਹਾਂ ਦਾ ਹੱਲ ਕੀਤਾ ਜਾਵੇ।



