ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਆਪ ਚ ਸ਼ਾਮਿਲ, ਜਾਣੋ ਕੀ ਰਹੇ ਕਾਰਨ
ਚੰਡੀਗੜ੍ਹ 14 ਅਗਸਤ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਉਹਨਾਂ ਦੇ ਕੋਰ ਕਮੇਟੀ ਦੇ ਮੈਂਬਰ ਤੇ ਬੰਗੇ ਤੋਂ ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਮੁੱਖ ਮੰਤਰੀ ਵੱਲੋਂ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ ਤੇ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਦਾ ਕਾਰਵਾ ਹੋਰ ਵਧਿਆ ਹੈ। ਡਾਕਟਰ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਵੇਖ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਇੱਕ ਪੁਰਾਣਾ ਕਿੱਸਾ ਵੀ ਸੁਣਾਇਆ। ਜਿਸ ਤਹਿਤ ਇੱਕ ਭਰਿਸ਼ਟ ਨੈਬ ਤਹਸੀਲਦਾਰ ਨੂੰ ਮੁੱਖ ਮੰਤਰੀ ਨੇ ਉਹਨਾਂ ਦੇ ਕਹਿਣ ਤੇ ਤੁਰੰਤ ਸਸਪੈਂਡ ਕਰ ਦਿੱਤਾ ਸੀ। ਦੱਸਣ ਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤਿੰਨ ਵਿਧਾਇਕ ਚੁਣੇ ਗਏ ਸਨ ਜਿਨਾਂ ਵਿੱਚੋਂ ਇੱਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਸਨ ਜੋ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਹੁਣ ਅਕਾਲੀ ਦਲ ਕੋਲ ਬਿਕਰਮ ਸਿੰਘ ਮਜੀਠੀਆ ਦੇ ਧਰਮ ਪਤਨੀ ਗਨੀਵ ਕੌਰ ਮਜੀਠੀਆ ਅਤੇ ਮਨਪ੍ਰੀਤ ਸਿੰਘ ਇਆਲੀ ਦੋ ਵਿਧਾਇਕ ਰਹਿ ਗਏ ਹਨ ਤੇ ਇਹਨਾਂ ਵਿੱਚੋਂ ਵੀ ਮਨਪ੍ਰੀਤ ਇਯਾਲੀ ਨਾਰਾਜ਼ ਚੱਲ ਰਹੇ ਹਨ। ਡਾਕਟਰ ਸੁਖਵਿੰਦਰ ਸੁਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੀ ਚਰਚਾ ਛਿੜ ਗਈ।