ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਕਰਵਾਇਆ ‘ਤੀਆਂ ਦਾ ਮੇਲਾ’
ਜਲੰਧਰ, 14 ਅਗਸਤ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਇਥੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ ਐਜੂਕੇਸ਼ਨ ਕਾਲਜ ਬੂਟਾ ਮੰਡੀ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ‘ਤੀਆਂ ਦਾ ਮੇਲਾ’ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਵਿਦਿਆਰਥਣਾਂ ਨੂੰ ਤੀਆਂ ਦੀ ਮੁਬਾਰਕਬਾਦ ਦਿੰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਇਹ ਤਿਉਹਾਰ ਸਾਡੇ ਅਮੀਰ ਸੱਭਿਆਚਾਰ ਵਿੱਚ ਅਹਿਮ ਸਥਾਨ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਜਿਥੇ ਸਾਨੂੰ ਸਾਡੀਆਂ ਜੜ੍ਹਾਂ ਨਾਲ ਜੋੜ ਕੇ ਰੱਖਦੇ ਹਨ ਉਥੇ ਨੌਜਵਾਨ ਪੀੜ੍ਹੀ ਨੂੰ ਸਾਡੇ ਪੁਰਾਤਨ ਸੱਭਿਆਚਾਰ ਅਤੇ ਵਿਰਾਸਤ ਦੇ ਰੂ-ਬਰੂ ਕਰਵਾਉਣ ਦਾ ਵਸੀਲਾ ਵੀ ਬਣਦੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਭ ਨੂੰ ਮਿਲ ਕੇ ਮਨਾਉਣੇ ਚਾਹੀਦੇ ਹਨ, ਜੋ ਆਪਸੀ ਪਿਆਰ ਅਤੇ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦੇ ਹਨ।
ਇਸ ਮੌਕੇ ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਨੇ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।
ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਵਿੱਚ ਤੀਆਂ ਦੇ ਤਿਉਹਾਰ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।
ਵਿਭਾਗ ਵੱਲੋਂ ਇਸ ਮੌਕੇ ਲੜਕੀਆਂ ਅਤੇ ਔਰਤਾਂ ਦੇ ਮਨੋਰੰਜਨ ਲਈ ਪੀਂਘਾਂ, ਮਹਿੰਦੀ, ਚੂੜੀਆਂ, ਖਾਣ-ਪੀਣ ਦੇ ਪਦਾਰਥਾਂ ਦੇ ਸਟਾਲ ਵੀ ਲਗਾਏ ਗਏ ਸਨ।
ਅਖੀਰ ਵਿੱਚ ਅਧਿਕਾਰੀਆਂ ਵੱਲੋਂ ਡਾ. ਗੁਰਪ੍ਰੀਤ ਕੌਰ, ਵਿਧਾਇਕ ਮਹਿੰਦਰ ਭਗਤ ਅਤੇ ਹੋਰ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜੁਆਇੰਟ ਸਕੱਤਰ ਕੇਸ਼ਵ ਹਿੰਗੋਨੀਆ ਤੇ ਵਿਸ਼ੇਸ਼ ਸਕੱਤਰ ਆਨੰਦ ਸਾਗਰ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਆਪ ਆਗੂ ਹਰਪ੍ਰੀਤ ਕੌਰ, ਰਾਜਵਿੰਦਰ ਕੌਰ ਥਿਆੜਾ, ਸੁਨੀਤਾ ਭਗਤ, ਗੁਰਪ੍ਰੀਤ ਕੌਰ, ਕਾਲਜ ਦੇ ਪ੍ਰਿੰਸੀਪਲ ਚੰਦਰਕਾਂਤਾ ਆਦਿ ਵੀ ਮੌਜੂਦ ਸਨ।