ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਨਵੀਆਂ ਸਿਖ਼ਰਾਂ ‘ਤੇ ਲਿਜਾਣ ਦਾ ਲਿਆ ਅਹਿਦ

ਕਿਹਾ, ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਵਾਰਸਾਂ ਦੀ ਪੈਨਸ਼ਨ 9400 ਤੋਂ ਵਧਾ ਕੇ 11000 ਰੁਪਏ ਕੀਤੀ

ਪਿਛਲੇ 28 ਮਹੀਨਿਆਂ ਦੌਰਾਨ ਸੂਬੇ ਵਿੱਚ ਬਾਗ਼ਬਾਨੀ ਅਧੀਨ ਰਕਬੇ ਵਿੱਚ 42,406 ਹੈਕਟੇਅਰ ਦਾ ਵਾਧਾ ਦਰਜ

ਕੈਬਨਿਟ ਮੰਤਰੀ ਵੱਲੋਂ 16 ਅਗਸਤ ਨੂੰ ਮਾਨਸਾ ਜ਼ਿਲ੍ਹੇ ਦੇ ਸਕੂਲਾਂ ’ਚ ਛੁੱਟੀ ਦਾ ਐਲਾਨ

ਅੰਗਰੇਜ਼ਾਂ ਵਿਰੁੱਧ ਲੜਾਈ ਲੜਨ ਅਤੇ ਵਿਦੇਸ਼ਾਂ ‘ਚ ਜੇਲਾਂ ਕੱਟਣ ਵਾਲੇ 96 ਸਾਲਾ ਆਜ਼ਾਦੀ ਘੁਲਾਟੀਏ ਬਿਹਾਰਾ ਸਿੰਘ ਦੇ ਘਰ ਜਾ ਕੇ ਲਿਆ ਅਸ਼ੀਰਵਾਦ

ਮਾਨਸਾ, 15 ਅਗਸਤ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ।

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਦਿੱਤੀਆਂ ਗਈਆਂ ਅਥਾਹ ਕੁਰਬਾਨੀਆਂ ਸਾਡੇ ਸਾਰਿਆਂ ਲਈ ਹਮੇਸ਼ਾ ਮਾਣ ਅਤੇ ਪ੍ਰੇਰਣਾਸਰੋਤ ਬਣੀਆਂ ਰਹਿਣਗੀਆਂ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਵਿੱਚ ਸ਼ਾਮਲ ਟੁਕੜੀਆਂ ਤੋਂ ਸਲਾਮੀ ਲਈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11,000 ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜ ਸਰਕਾਰ ਵੱਲੋਂ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਦਿਵਿਆਂਗ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕੀਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰ ਰਹੀ ਹੈ, ਜਿੰਨ੍ਹਾਂ ਦੇ ਇਕਲੌਤੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫ਼ੌਜ ਵਿਚ ਸੇਵਾ ਨਿਭਾਅ ਚੁੱਕੇ ਹਨ। ਸੂਬਾ ਸਰਕਾਰ ਨੇ ਇਹ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ ਹੈ। ਪਿਛਲੇ 28 ਮਹੀਨਿਆਂ ਦੌਰਾਨ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਵਿੱਚ 42,406 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਰਕਬਾ ਹੁਣ ਵਧ ਕੇ 4 ਲੱਖ 81 ਹਜ਼ਾਰ 616 ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਸੀ, ਉਦੋਂ ਖੇਤਾਂ ਦੀ ਸਿੰਜਾਈ ਵਾਸਤੇ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ ਅਤੇ ਅੱਜ ਸਿੰਜਾਈ ਲਈ 72 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ।

ਸ. ਜੌੜਾਮਾਜਰਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਉਦਯੋਗਾਂ ਲਈ ਨਿਵੇਸ਼-ਪੱਖੀ ਮਾਹੌਲ ਸਿਰਜਣ ਤੋਂ ਇਲਾਵਾ ਸਿੱਖਿਆ, ਸਿਹਤ ਸੰਭਾਲ, ਊਰਜਾ, ਖੇਤੀਬਾੜੀ, ਕਾਨੂੰਨ ਲਾਗੂਕਰਨ, ਨਾਗਰਿਕ ਸਹੂਲਤਾਂ, ਬੁਨਿਆਦੀ ਢਾਂਚੇ, ਸ਼ਹਿਰੀ ਅਤੇ ਪੇਂਡੂ ਵਿਕਾਸ ਦੇ ਖੇਤਰਾਂ ਵਿੱਚ ਮਹੱਤਵਪੂਰਨ ਤਰੱਕੀ ਦੇਖਣ ਨੂੰ ਮਿਲ ਰਹੀ ਹੈ। .

ਉਨ੍ਹਾਂ ਕਿਹਾ ਕਿ ਲਗਭਗ 28 ਮਹੀਨਿਆਂ ਦੇ ਕਾਰਜਕਾਲ ਦੌਰਾਨ ਮਾਨ ਸਰਕਾਰ ਨੇ ਕਈ ਲੋਕ-ਪੱਖੀ ਪਹਿਲਕਦਮੀਆਂ ਉਲੀਕੀਆਂ ਹਨ, ਜਿਨ੍ਹਾਂ ਵਿੱਚ ਰਾਜ ਦੇ 90 ਫ਼ੀਸਦੀ ਖਪਤਕਾਰਾਂ ਨੂੰ ਪ੍ਰਤੀ ਦੋ ਮਹੀਨਾ 600 ਯੂਨਿਟ ਮੁਫ਼ਤ ਬਿਜਲੀ ਦਾ ਮਿਲਣਾ; ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਲਈ 118 ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ; ਨੌਜਵਾਨਾਂ ਲਈ 44,000 ਤੋਂ ਵੱਧ ਸਰਕਾਰੀ ਨੌਕਰੀਆਂ; ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕਰਨਾ ਆਦਿ ਸ਼ਾਮਲ ਹੈ।

ਸ. ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਹੁਣ ਤੱਕ 842 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰ ਚੁੱਕੇ ਹਨ ਅਤੇ ਇਹ ਕਲੀਨਿਕ ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵੀ ਚਾਨਣਾ ਪਾਇਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਬੇਮਿਸਾਲ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਮੰਤਰੀ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੀ ਵੰਡੇ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ 16 ਅਗਸਤ ਨੂੰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਹੈ।

ਸਮਾਰੋਹ ਵਿੱਚ ਨਿਆਂਇਕ ਅਧਿਕਾਰੀਆਂ, ਸਥਾਨਕ ਵਿਧਾਇਕਾਂ ਅਤੇ ਸੀਨੀਅਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਪਤਵੰਤਿਆਂ ਨੇ ਸ਼ਿਰਕਤ ਕੀਤੀ।

ਇਸ ਉਪਰੰਤ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਪਹੁੰਚੇ, ਜਿੱਥੇ ਉਹ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫ਼ੌਜ ‘ਚ ਅੰਗਰੇਜ਼ਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ‘ਚ ਜੇਲਾਂ ਕੱਟਣ ਵਾਲੇ 96 ਸਾਲਾ ਸ. ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਲਈ ਵਚਨਬੱਧ ਹੈ।

CATEGORIES
Share This

COMMENTS

Wordpress (0)
Disqus (0 )
Translate