ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ-ਅਮਨ ਅਰੋੜਾ

ਫਾਜ਼ਿਲਕਾ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਫਾਜਿ਼ਲਕਾ, 15 ਅਗਸਤ
ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਨੇ ਆਸਫ਼ਵਾਲਾ ਵਾਰ ਮੈਮੋਰੀਅਲ ਉਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਦੇਸ਼ ਭਗਤੀ ਦੇ ਜਜ਼ਬੇ ਤੇ ਪੂਰੇ ਉਤਸ਼ਾਹ ਨਾਲ ਮਨਾਏ ਗਏ ਸਮਾਗਮ ਵਿੱਚ ਜ਼ਿਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਜਿੱਥੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸਿਜਦਾ ਕੀਤਾ ਅਤੇ ਆਜ਼ਾਦੀ ਸੰਗਰਾਮ ਵਿੱਚ ਕੁੱਦਣ ਵਾਲੇ ਯੋਧਿਆਂ ਨੂੰ ਯਾਦ ਕੀਤਾ। ਉਨ੍ਹਾਂ ਨੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਵੀ ਨਮਨ ਕੀਤਾ।
ਇਸ ਸਮਾਗਮ ਵਿੱਚ ਫਾਜ਼ਿਲਕਾ ਤੋਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ,ਬੱਲੂਆਣਾ ਤੋਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਉਤੇ ਮੌਜੂਦ ਸਨ।
ਇਸ ਮੌਕੇ ਇੱਥੇ ਪੁੱਜਣ ਤੇ ਆਈ. ਜੀ. ਬਲਜੋਤ ਸਿੰਘ ਰਾਠੋੜ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵੱਖ ਵੱਖ ਲੋਕ ਕਲਿਆਣਕਾਰੀ ਸਕੀਮਾਂ ਦਾ ਵਿਸੇਸ਼ ਤੌਰ ਉਤੇ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕੀਤਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁ਼ਜਗਾਰ ਦੇਣ ਦੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਪਿਛਲੇ ਕਰੀਬ 28 ਮਹੀਨਿਆਂ ਦੌਰਾਨ ਸਾਢੇ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਮਹੀਨਿਆਂ ਦੌਰਾਨ 4208 ਪਲੇਸਮੈਂਟ ਕੈਂਪ ਲਗਾ ਕੇ 2 ਲੱਖ 38 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਪਲੇਸਮੈਂਟ ਦੇ ਮੌਕੇ ਪ੍ਰਦਾਨ ਕੀਤੇ ਗਏ। ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 842 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਤੇ ਫਾਜ਼ਿਲਕਾ ਜਿਲ੍ਹੇ ਵਿੱਚ 26 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿੱਥੇ ਮਰੀਜ਼ਾ ਨੂੰ ਮੁਫਤ ਦਵਾਈਆਂ ਦੇ ਨਾਲ ਨਾਲ ਮੁਫਤ ਟੈਸਟ ਵੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 2 ਲੱਖ 52 ਹਜਾਰ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ ਤੇ ਇਸੇ ਤਹਿਤ ਹੀ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਦਰਾਂ ਉਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹੁਣ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਆਪਣੇ ਘਰ ਬੈਠੇ ਹੀ 1076 ਉਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਸੇਵਾ ਹਾਸਲ ਕਰ ਸਕਦੇ ਹਨ। ਇਸ ਤੋਂ ਇਲਾਵਾ ਜਾਤੀ, ਰਿਹਾਇਸ਼ੀ ਅਤੇ ਆਮਦਨ ਸਰਟੀਫਿਕੇਟ ਬਣਾਉਣ ਲਈ ਹੁਣ ਪਟਵਾਰੀਆਂ ਦੇ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ। ਸਰਕਾਰ ਨੇ ਪਟਵਾਰੀਆਂ ਦੀਆਂ ਲਾਗਇਨ ਆਈ.ਡੀਜ਼ ਬਣਾ ਕੇ ਆਨਲਾਈਨ ਤਸਦੀਕ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਫਾਜਿਲਕਾ ਦੇ ਪਿੰਡ ਪੱਤਰੇਵਾਲਾ ਤੇ ਘੱਟਿਆਂਵਾਲੀ ਵਿਖੇ ਨਹਿਰੀ ਪਾਣੀ ਉਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਅਬੋਹਰ, ਬੱਲੂਆਣਾ, ਫਾਜ਼ਿਲਕਾ ਅਤੇ ਜਲਾਲਾਬਾਦ ਦੇ ਪਿੰਡਾਂ ਤੇ ਢਾਣੀਆਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮਿਲੇਗਾ, ਇਹ ਪ੍ਰਾਜੈਕਟ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

ਇਸ ਮੌਕੇ ਸੁਤੰਤਰਤਾ ਸੰਗਰਾਮੀਆਂ/ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਤੋਂ ਇਲਾਵਾ ਪਰੇਡ ਵਿੱਚ ਸ਼ਾਮਲ ਟੁਕੜੀਆਂ ਦੇ ਇੰਚਾਰਜ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ 16 ਅਗਸਤ ਨੂੰ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਐਸਡੀਐਮ ਫਾਜ਼ਿਲਕਾ ਵਿਪਨ ਭੰਡਾਰੀ ਸਮੇਤ ਹੋਰ ਪਤਵੰਤੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate