ਖੇਡਾਂ ਵਤਨ ਪੰਜਾਬ ਦੀਆਂ-2024’ ਨੂੰ ਸਮਰਪਿਤ ਮਸ਼ਾਲ ਦਾ ਜਲੰਧਰ ਪੁੱਜਣ ֹ’ਤੇ ਡਿਪਟੀ ਕਮਿਸ਼ਨਰ ਵੱਲੋਂ ਭਰਵਾਂ ਸਵਾਗਤ
ਉਘੇ ਖਿਡਾਰੀਆਂ ਤੇ ਐਥਲੀਟਾਂ ਨੇ ਕੀਤੀ ਮਸ਼ਾਲ ਦੀ ਅਗਵਾਈ
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਖੇਡਾਂ ’ਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ
ਜਲੰਧਰ, 24 ਅਗਸਤ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਅੱਜ ਖੇਡਾਂ ਦੀ ਰਾਜਧਾਨੀ ਜਲੰਧਰ ਪਹੁੰਚੀ। ਹੁਸ਼ਿਆਰਪੁਰ ਤੋਂ ਆ ਰਹੀ ਮਸ਼ਾਲ ਦਾ ਆਦਮਪੁਰ ਪਹੁੰਚਣ ’ਤੇ ਉਘੇ ਖਿਡਾਰੀਆਂ, ਐਥਲੀਟਾਂ ਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਉਪਰੰਤ ਜਲੰਧਰ ਦੇ ਸਰਕਟ ਹਾਊਸ ਵਿਖੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਮਸ਼ਾਲ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਤੇ ਨਰੋਏ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਵਧੀਆ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ।
ਡਾ.ਅਗਰਵਾਲ ਨੇ ਨੌਜਵਾਨਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2024’ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਾਨੂੰ ਮਾਨਸਿਕ ਤੇ ਸਰੀਰਕ ਤੌਰ ְֹ’ਤੇ ਤੰਦਰੁਸਤ ਰੱਖਦੀਆਂ ਹਨ ਸਗੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰੱਖਦੀਆਂ ਹਨ।
ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਬਲਾਕ, ਜ਼ਿਲ੍ਹਾ ਅਤੇ ਰਾਜ ਪਧਰੀ ਮੁਕਾਬਲਿਆਂ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਰਹਿਣ, ਖਾਣ-ਪੀਣ, ਸੁਰੱਖਿਆ, ਮੈਡੀਕਲ ਅਤੇ ਅਵਾਜਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ 14, 17, 21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ ਦੇ 21-30, 31-40, 41-50,-51-60 ਤੇ 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।
ਇਸ ਉਪਰੰਤ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵੱਲੋਂ ਮਸ਼ਾਲ ਨੂੰ ਸਰਕਟ ਹਾਊਸ ਤੋਂ ਕਪੂਰਥਲਾ ਲਈ ਰਵਾਨਾ ਕੀਤਾ ਗਿਆ, ਜੋ ਸਕਾਈਲਾਰਕ ਚੌਕ ਅਤੇ ਗੁਰੂ ਨਾਨਕ ਮਿਸ਼ਨ ਚੌਕ ਤੋਂ ਹੁੰਦੀ ਹੋਈ ਆਪਣੇ ਅਗਲੇ ਪੜਾਅ ਵੱਲ ਵੱਧ ਗਈ।
ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਅਰਜੁਨ ਐਵਾਰਡੀ ਰਜਿੰਦਰ ਸਿੰਘ ਸੀਨੀਅਰ, ਐਸ.ਡੀ.ਐਮ. ਜੈ ਇੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਕੋਚ ਉਮੇਸ਼ ਸ਼ਰਮਾ, ਵਿਕਰਮ ਸਿੰਘ, ਸਰਬਜੀਤ ਸਿੰਘ ਅਤੇ ਮਨਜੀਤ ਸਿੰਘ, ਆਪ ਆਗੂ ਗੁਰਿੰਦਰ ਸਿੰਘ ਸ਼ੇਰਗਿੱਲ, ਸੁਭਾਸ਼ ਸ਼ਰਮਾ, ਬਚੱਤਰ ਕੁਲਾਰ, ਅਰਸ਼ਦੀਪ ਮਾਹਲ, ਅਸ਼ੋਕ ਆਰੀਆ, ਰਮੇਸ਼ ਭਗਤ ਮਹਾਂਦਰੂ, ਸੰਦੀਪ ਸਿੰਘ ਆਦਿ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਆਦਮਪੁਰ ਵਿਖੇ ਖੇਡਾਂ ਨੂੰ ਸਮਰਪਿਤ ਮਸ਼ਾਲ ਦਾ ਸਵਾਗਤ ਕਰਨ ਵਾਲਿਆਂ ਵਿੱਚ ਅੰਤਰਰਾਸ਼ਟਰੀ ਐਥਲੈਟਿਕ ਖਿਡਾਰੀ ਕੁੰਵਰ ਅਜੇ ਰਾਣਾ, ਰਸਦੀਪ ਕੌਰ, ਨੇਹਾ, ਰਣਜੀਤ ਸਿੰਘ, ਕੌਮੀ ਫੁੱਟਬਾਲ ਖਿਡਾਰੀ ਲਵਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਅਤੇ ਕੌਮੀ ਮੈਡਲਿਸਟ ਕੁਸ਼ਤੀ ਤਰਨਦੀਪ ਸਿੰਘ ਸਮੇਤ ਉਘੇ ਖਿਡਾਰੀ ਤੇ ਖੇਡ ਪ੍ਰੇਮੀ ਸ਼ਾਮਲ ਸਨ।