ਖੇਡਾਂ ਵਤਨ ਪੰਜਾਬ ਦੀਆਂ ! ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ
ਫਾਜ਼ਿਲਕਾ , 27 ਅਗਸਤ
ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2024 (ਸੀਜ਼ਨ-3) ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਪੋਪਲੀ ਅਤੇ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਵਿਸ਼ੇਸ਼ ਤੌਰ *ਤੇ ਮੋਜ਼ੁਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਭਰਵਾਂ ਹੁੰਗਾਰਾ ਮਿਲਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ। ਮਸ਼ਾਲ ਮਾਰਚ ਦਾ ਫਾਜ਼ਿਲਕਾ ਪਹੁੰਚਣ *ਤੇ ਸਟੇਡੀਅਮ ਵਿਖੇ ਸਕੂਲੀ ਵਿਦਿਆਰਥੀਆਂ ਵੱਲੋਂ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ‘ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡ ਈਵੈਂਟ ਵਿੱਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ 2024 ਵਿੱਚ ਹਿੱਸਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਮਸ਼ਾਲ ਮਾਰਚ ਫਾਜ਼ਿਲਕਾ ਤੋਂ ਬਾਅਦ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 28 ਅਗਸਤ ਨੂੰ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਸੰਗਰੂਰ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਤੀਜੇ ਸੀਜ਼ਨ ਦਾ ਉਦਘਾਟਨ ਹੋਵੇਗਾ।
ਇਸ ਮੌਕੇ ਕੋਚ ਗੁਰਫਤਿਹ ਸਿੰਘ, ਹਰਪਿੰਦਰ ਜੀਤ, ਜਤਿੰਦਰ ਸਿੰਘ ਤੋਂ ਇਲਾਵਾ ਖਿਡਾਰੀ ਮੌਜੂਦ ਸਨ।