ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ-ਜਸਪ੍ਰੀਤ ਸਿੰਘ
ਕਿਹਾ, ਗਊਸ਼ਾਲਾ ਬਨਣ ਨਾਲ ਲੋਕਾਂ ਨੂੰ ਆਵਾਰਾ ਪਸ਼ੂਆਂ ਤੋਂ ਮਿਲੇਗੀ ਨਿਯਾਤ
ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਕੇ ਲਿਆ ਜਾਇਜ਼ਾ
ਬਠਿੰਡਾ, 27 ਅਗਸਤ : ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਕਰੀਬ 900 ਗਊਆਂ ਦਾ ਰੱਖ-ਰਖਾਵ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ’ਚ ਪਸ਼ੂਆਂ ਦੇ ਠਹਿਰਾਅ ਲਈ 6 ਵੱਡੇ ਸ਼ੈੱਡ ਬਣਾਏ ਗਏ ਹਨ ਅਤੇ 2 ਸ਼ੈੱਡ ਤੂੜੀ ਲਈ ਵੱਖਰੇ ਬਣਾਏ ਗਏ ਹਨ। ਇਸ ਤੋਂ ਇਲਾਵਾ ਗਊਆਂ ਦੀ ਸਾਂਭ-ਸੰਭਾਲ ਕਰਨ ਵਾਲੇ ਸਟਾਫ ਲਈ ਕਮਰੇ ਅਤੇ ਇੱਕ ਦਫਤਰ ਵੀ ਬਣਾਇਆ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਗਊਸ਼ਾਲਾ ਦੇ ਬਨਣ ਨਾਲ ਇਥੇ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਇਸ ਨਾਲ ਜਿੱਥੇ ਆਲੇ-ਦੁਆਲੇ ਦੇ ਲੋਕਾਂ ਨੂੰ ਕਾਫੀ ਵੱਡਾ ਲਾਹਾ ਮਿਲੇਗਾ ਉਥੇ ਹੀ ਸੜਕ ਦੁਰਘਨਾਵਾਂ ਵੀ ਘੱਟਣਗੀਆਂ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਗੁਰਪ੍ਰਤਾਪ ਸਿੰਘ ਗਿੱਲ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।