ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ,ਕਿਹਾ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰੇ ਸਰਕਾਰ

ਜਲੰਧਰ 9 ਸਤੰਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਜਲੰਧਰ ਵਿਖੇ ਇਲਾਜ ਅਧੀਨ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ । ਇਸ ਮੌਕੇ ਭਾਜਪਾ ਪ੍ਰਧਾਨ ਨੇ ਕਿਹਾ ਕਿ ਡਾਕ ਵਿਭਾਗ ਵਿੱਚ ਕੰਮ ਕਰਦੀ ਉਕਤ ਲੜਕੀ ਨੂੰ ਸ਼ੱਕੀ ਹਾਲਤ ਵਿੱਚ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਨੂੰ ਗੰਭੀਰ ਸਥਿਤੀ ਵਿੱਚ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਉਨਾਂ ਕਿਹਾ ਕਿ ਬੇਸੁਧ ਲੜਕੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਪਰ ਹਾਲੇ ਵੀ ਉਹ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਇਸ ਮੌਕੇ ਉਨਾਂ ਨੇ ਕਿਹਾ ਕਿ ਪੀੜਤਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਪੁਲਿਸ ਤੇਜ਼ੀ ਨਾਲ ਜਾਂਚ ਕਰੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਭਾਜਪਾ ਪ੍ਰਧਾਨ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਇਸ ਵਿਸ਼ੇ ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦੀ ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਇਸ ਤਰ੍ਹਾਂ ਦੇ ਮਾੜੇ ਅਨਸਰਾ ਨੂੰ ਸਿਰ ਨਾ ਚੁੱਕਣ ਦੇਣ ਅਤੇ ਸਖਤ ਕਾਰਵਾਈ ਕਰਨ।
ਉਹਨਾਂ ਨੇ ਕਿਹਾ ਕਿ ਪੰਜਾਬ ਗੈਂਗਸਟਰਾਂ ਲਈ ਸੁਰੱਖਿਤ ਇਲਾਕਾ ਬਣਦਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਲਾਅ ਐਂਡ ਆਰਡਰ ਬਹਾਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਤਾਂ ਸਹਿਣ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲਈ ਜਲੰਧਰ ਵਿਖੇ ਰਿਹਾਇਸ਼ ਬਣਾ ਕੇ ਰਹਿਣਾ ਹੀ ਕਾਫੀ ਨਹੀਂ ਹੈ ਬਲਕਿ ਇਹ ਲਾਜ਼ਮੀ ਹੈ ਕਿ ਸਰਕਾਰ ਪੰਜਾਬ ਨੂੰ ਲੋਕਾਂ ਦੇ ਰਹਿਣ ਲਾਇਕ ਬਣਾਵੇ। ਇਸ ਮੌਕੇ ਉਨਾਂ ਨਾਲ ਬੀਜੇਪੀ ਦੇ ਸੂਬਾ ਉਪ ਪ੍ਰਧਾਨ ਕੇ ਡੀ ਭੰਡਾਰੀ, ਸਾਬਕਾ ਸੰਸਦੀ ਸਕੱਤਰ ਅਵਿਨਾਸ਼ ਰਾਏ, ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸ਼੍ਰੀਮਤੀ ਕਰਮਜੀਤ ਕੌਰ, ਜ਼ਿਲਾ ਭਾਜਪਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਅਤੇ ਰਾਜਨ ਅੰਗੁਰਾਲ ਵੀ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate