ਪਰਾਲੀ ਤੋਂ ਗਿੱਟੀਆ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਵਾਲੇ ਨਿਵੇਸ਼ਕਾਂ ਨੂੰ ਸਰਕਾਰ ਦੇਵੇਗੀ ਵਿੱਤੀ ਸਹਾਇਤਾ
ਇੱਟਾਂ ਦੇ ਭੱਠਿਆ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਵਰਤਣ ਲਈ ਕੀਤਾ ਲਾਜ਼ਮੀ ਕਰਾਰ– ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 16 ਦਸੰਬਰ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਨਿਰੰਤਰ ਉਪਰਾਲੇ ਕਰ ਰਹੀ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨ। ਇਹ ਜਾਣਕਾਰੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਵਿੱਚ ਮੱਦਦ ਕਰਨ ਅਤੇ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਨ ਸੀਟੂ ਤੇ ਐਕਸ ਸੀਟੂ ਕੰਮ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਕੰਮ ਰਹੀ ਹੈ। ਜਿੱਥੇ ਕਿਸਾਨਾਂ ਨੂੰ ਅਤਿ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ, ਉੱਥੇ ਹੀ ਹੁਣ ਸਰਕਾਰ ਵੱਲੋਂ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਨਾਂ ਸੁਵਿਧਾਵਾਂ ਦਾ ਮੁੱਖ ਮਨੋਰਥ ਪਰਾਲੀ ਨੂੰ ਸੜਨ ਤੋਂ ਬਚਾ ਕੇ ਇਸਨੂੰ ਕਮਾਈ ਦਾ ਸਾਧਨ ਬਣਾਉਣਾ ਹੈ ਅਤੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਰੋਕਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵੱਲੋਂ ਇਹ ਸਹਾਇਤਾ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਕੇਂਦਰ/ਰਾਜ ਸਰਕਾਰ ਦੁਆਰਾ ਬਣਾਈਆਂ ਗਈਆਂ ਨੀਤੀਆਂ ਦੇ ਅਨੁਸਾਰ ਪੰਜਾਬ ਵਿੱਚ ਪਰਾਲੀ ਦੀਆਂ ਗਿੱਟੀਆਂ ਦੀ ਸਲਾਨਾ ਮੰਗ 10 ਲੱਖ ਟਨ ਅਨੁਮਾਨੀ ਗਈ ਹੈ। ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਝੋਨੇ ਦੀ ਪਰਾਲੀ ਲਈ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਵਿੱਚ ਨਾਨ ਟੌਰੀਫਾਈਡ ਗਿੱਟੀਆਂ ਦੀ ਉਦਯੋਗਿਕ ਇਕਾਈ ਲਈ 1 ਟੀ.ਪੀ.ਐਚ. ਪਲਾਂਟ ਲਈ 14 ਲੱਖ ਰੁਪਏ, ਅਤੇ 5 ਟੀ.ਪੀ.ਐਚ. ਪਲਾਂਟ ਲਈ 70 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ। ਇਸਤੋਂ ਇਲਾਵਾ ਟੌਰੀਫਾਈਡ ਗਿੱਟੀਆਂ ਦੀ ਉਦਯੋਗਿਕ ਇਕਾਈ ਵਿੱਚ 1 ਟੀ.ਪੀ.ਐਚ. ਪਲਾਂਟ ਲਈ 28 ਲੱਖ ਰੁਪਏ ਅਤੇ 5 ਟੀ.ਪੀ.ਐਚ. ਪਲਾਂਟ ਲਈ 140 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨਵੇਂ ਛੋਟ ਅਤੇ ਮੱਧਮ ਉਦਯੋਗਿਕ ਇਕਾਈਆਂ (ਐਮ.ਐਸ.ਐਮ.ਈ.) ਲਈ ਹੋਰ ਵਿੱਤੀ ਪ੍ਰੋਤਸਾਹਨ ਦਿੱਤਾ ਜਾਵੇਗਾ। ਇਸ ਬਾਰੇ ਵਿਸਤ੍ਰਿਤ ਦਿਸ਼ਾ-ਨਿਰਦੇਸ਼, ਯੋਗਤਾ ਦੇ ਮਾਪਦੰਡ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਲਈ www.pscst.punjab.gov.in ਜਾਂ www.cpcb.nic.in ਤੇ ਸੰਪਰਕ ਕੀਤਾ ਜਾ ਸਕਦਾ ਹੈ । ਇਸ ਤੋਂ ਇਲਾਵਾ ਦਫ਼ਤਰੀ ਸਮੇਂ ਦੌਰਾਨ ਪ੍ਰਮੁੱਖ ਵਿਗਿਆਨ ਅਫ਼ਸਰ ਇੰਜ. ਮਗਨਬੀਰ ਸਿੰਘ ਦੇ ਮੋਬਾਇਲ ਨੰ. 9888331415 ਜਾਂ 0172-2792325 ਐਕਸਟੈਂਸ਼ਨ ਨੰ.134 ਤੇ ਸੰਪਰਕ ਕੀਤਾ ਜਾ ਸਕਦਾ ਹੈ ।