ਗੈਸ ਲੀਕ ਮਾਮਲਾ-ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ
ਸਬ ਡਵੀਜ਼ਨਲ ਮੈਜਿਸਟ੍ਰੇਟ ਜਲੰਧਰ-1 ਨੂੰ ਘਟਨਾ ਦੇ ਕਾਰਨਾਂ ਅਤੇ ਜ਼ਿੰਮੇਵਾਰ ਵਿਅਕਤੀਆਂ ਬਾਰੇ 15 ਦਿਨਾਂ ’ਚ ਰਿਪੋਰਟ ਦੇਣ ਦੇ ਨਿਰਦੇਸ਼
ਜਲੰਧਰ, 21 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਦਮੋਰੀਆ ਪੁਲ ਨੇੜੇ ਬਰਫ਼ ਫੈਕਟਰੀ ‘ਚ ਗੈਸ ਲੀਕ ਹੋਣ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਸਬ ਡਵੀਜ਼ਨਲ ਮੈਜਿਸਟ੍ਰੇਟ ਜਲੰਧਰ-1 ਨੂੰ ਇਸ ਘਟਨਾ ਦੇ ਕਾਰਨਾਂ ਅਤੇ ਜ਼ਿੰਮੇਵਾਰ ਵਿਅਕਤੀਆਂ ਬਾਰੇ 15 ਦਿਨਾਂ ਦੇ ਅੰਦਰ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਫੈਕਟਰੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਨੂੰ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਣ ਲਈ ਅਜਿਹੀਆਂ ਇਕਾਈਆਂ ਦਾ ਨਿਰੀਖਣ ਕਰਨ ਦੀਆਂ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਜਾਂਚ ਅਧਿਕਾਰੀ ਨੂੰ ਅਮੋਨੀਆ ਗੈਸ ਲੀਕ ਦੇ ਕਾਰਨਾਂ ਦਾ ਪਤਾ ਲਗਾਉਣ, ਸੁਰੱਖਿਆ ਪ੍ਰੋਟੋਕੋਲ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਫੈਕਟਰੀ ਪ੍ਰਬੰਧਨ ਦੀ ਲਾਪ੍ਰਵਾਹੀ ਸਮੇਤ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ, ਧਿਰਾਂ, ਸੰਸਥਾ ਦੀ ਪਛਾਣ ਕਰਨ ਤੇ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਰੋਕਥਾਮ ਦੇ ਉਪਾਅ ਸੁਝਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਕਿਹਾ।