1158 ਸਹਾਇਕ ਪ੍ਰੋਫੈਸਰਾਂ ਨੂੰ ਮਿਲੀ ਰਾਹਤ, ਹਾਈਕੋਰਟ ਦੇ ਡਬਲ ਬੈਂਚ ਨੇ ਹੱਕ ਚ ਸੁਣਾਇਆ ਫੈਸਲਾ
ਸਿੱਖਿਆ ਮੰਤਰੀ ਨੇ ਸਮੂਹ ਸੰਘਰਸ਼ੀਲ ਪ੍ਰੋਫੈਸਰਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ 23 ਸਤੰਬਰ। ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ 1158 ਸਹਾਇਕ ਪ੍ਰੋਫੈਸਰ ਅਤੇ ਲਾਈਬ੍ਰੇਰੀਅਨ ਨੂੰ ਵੱਡੀ ਰਾਹਤ ਮਿਲੀ ਹੈ। ਪਹਿਲਾਂ ਜਿੱਥੇ ਇਹਨਾਂ ਦੀ ਭਰਤੀ ਰੱਦ ਕਰ ਦਿੱਤੀ ਗਈ ਸੀ ਉੱਥੇ ਹੁਣ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਇਹਨਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਅਪੀਲ ਪਾਈ ਗਈ ਸੀ। ਹਾਈਕੋਰਟ ਵੱਲੋਂ ਆਏ ਫੈਸਲੇ ਤਹਿਤ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਸਹੀ ਠਹਿਰਾਇਆ ਗਿਆ ਹੈ। ਅਦਾਲਤ ਦੇ ਇਹ ਫੈਸਲੇ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਕਾਨੂੰਨੀ ਲੜਾਈ ਅਸੀਂ ਜਿੱਤ ਲਈ ਹੈ। ਉਹਨਾਂ ਸਾਰੇ 1158 ਸਹਾਇਕ ਪ੍ਰੋਫੈਸਰਾਂ ਨੂੰ ਵਧਾਈ ਵੀ ਦਿੱਤੀ। ਇਸ ਤੋਂ ਇਲਾਵਾ ਸਾਬਕਾ ਕੈਬਨਟ ਮੰਤਰੀ ਮੀਤ ਹੇਅਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ 1158 ਸਹਾਇਕ ਪ੍ਰੋਫੈਸਰਾਂ ਨੂੰ ਵਧਾਈ ਦਿੱਤੀ ਗਈ ਹੈ ਕਿ ਉਹਨਾਂ ਨੇ ਇਹ ਲੜਾਈ ਜਿੱਤ ਲਈ।



