1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 25 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਫ਼ਦ ਨੇ ਉਨ੍ਹਾਂ ਨੂੰ ਕਾਨੂੰਨੀ ਉਲਝਣ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰਨ ਵਾਸਤੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਵੀ ਪ੍ਰਗਟਾਇਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦਾ ਕੋਈ ਸਾਥ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੁੱਚੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਅਤੇ ਪਾਰਦਰਸ਼ੀ ਵਿਧੀ ਤਿਆਰ ਕੀਤੀ ਗਈ ਹੈ ਜਿਸ ਸਦਕਾ ਹੁਣ ਤੱਕ 45,000 ਤੋਂ ਵੱਧ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਵੀ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਅਧਾਰ ‘ਤੇ ਇਹਨਾਂ ਅਹੁਦਿਆਂ ਲਈ ਚੁਣਿਆ ਗਿਆ ਹੈ।
ਇਸ ਦੌਰਾਨ ਲਾਇਬ੍ਰੇਰੀਅਨ ਫਰੰਟ ਦੀ ਇੱਕ ਮੈਂਬਰ ਨੇ ਮੁੱਖ ਮੰਤਰੀ ਦਾ ਉਨ੍ਹਾਂ ਦੇ ਮਕਸਦ ਵਿੱਚ ਸੁਹਿਰਦਤਾ ਨਾਲ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਅਸਲ ਤਬਦੀਲੀ ਹੈ ਜੋ ਸਰਕਾਰੀ ਕਾਲਜਾਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਇਨ੍ਹਾਂ ਕਾਲਜਾਂ ਵਿੱਚ ਦੋ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਨੇਕ ਅਤੇ ਦੂਰਅੰਦੇਸ਼ੀ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ।
ਇੱਕ ਸਹਾਇਕ ਪ੍ਰੋਫੈਸਰ ਡਾ. ਸੋਹੇਲ ਨੇ ਕਿਹਾ ਕਿ ਭਰਤੀ ਪ੍ਰਕਿਰਿਆ 2021 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਤਿਹਾਸਕ ਪਲ ਹੈ ਕਿਉਂਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਉਹ ਮੁੱਖ ਮੰਤਰੀ ਦੇ ਤਹਿ-ਦਿਲੋਂ ਧੰਨਵਾਦੀ ਹਨ।