ਸਰਕਾਰੀ ਤੇ ਪ੍ਰਾਇਵੇਟ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿੱਚ ਲਿਖੇ ਜਾਣਾ ਬਣਾਇਆ ਜਾਵੇ ਯਕੀਨੀ
ਫ਼ਾਜ਼ਿਲਕਾ 2 ਅਕਤੂਬਰ
ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਅਤੇ ਕਿਰਤ ਵਿਭਾਗ ਦੇ ਇੰਸਪੈਕਟਰ ਰਾਜਬੀਰ ਸਿੰਘ ਨੇ ਸਾਂਝੇ ਰੂਪ ਵਿੱਚ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਪੰਜਾਬ ਰਾਜ ਦੀ ਰਾਜ ਭਾਸ਼ਾ ਪੰਜਾਬੀ ਨੂੰ ਬਣਦਾ ਮਾਣ ਦਿੰਦੇ ਹੋਏ ਸਮੂਹ ਸਰਕਾਰੀ ਤੇ ਪ੍ਰਾਇਵੇਟ ਅਦਾਰਿਆਂ ਅਤੇ ਸੰਸਥਾਵਾਂ ਵਿਖੇ ਪੰਜਾਬੀ ਭਾਸ਼ਾ ਦੀ ਵਰਤੋਂ ਲਾਜਮੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਸਮੂਹ ਸਰਕਾਰੀ, ਅਰਧ ਸਰਕਾਰੀ ਦਫਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ/ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਆਦਿ ਦੇ ਬੋਰਡਾਂ ਉੱਪਰ ਨਾਮ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿੱਚ ਲਿਖੇ ਜਾਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਨਾਮ ਬੋਰਡ ਪੰਜਾਬੀ ( ਗੁਰਮੁੱਖੀ ਲਿੱਪੀ) ਵਿੱਚ ਹੋਣਗੇ ਅਤੇ ਜਿੱਥੇ ਨਾਮ ਹੋਰ ਭਾਸ਼ਾਵਾਂ ਵਿੱਚ ਵੀ ਲਿਖੇ ਜਾਣ ਦੀ ਜ਼ਰੂਰਤ ਹੋਵੇ ਉੱਥੇ ਹੋਰ ਭਾਸ਼ਾ ਵਿੱਚ ਨਾਮ ਪੰਜਾਬੀ ਭਾਸ਼ਾ ਦੇ ਹੇਠਾਂ ਲਿਖੇ ਜਾਣ। ਪੰਜਾਬੀ ਭਾਸ਼ਾ ਵਿੱਚ ਨਾਮ ਬੋਰਡ ਨੂੰ ਹੋਰ ਭਾਸ਼ਾਵਾਂ (ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ ‘ਤੇ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ।