ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿੱਚ ਬਾਇਓਗੈਸ ਪਲਾਂਟਾਂ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼; ‘ਬੁੱਢੇ ਦਰਿਆ’ ‘ਚ ਗੋਹਾ ਸੁੱਟਣ ਵਾਲੇ ਡੇਅਰੀ ਯੂਨਿਟਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਵੀ ਕਿਹਾ
ਸੰਸਦ ਮੈਂਬਰ ਸੰਤ ਸੀਚੇਵਾਲ ਨੇ ਪਿੰਡ ਭੂਖੜੀ ਵਿਖੇ ‘ਬੁੱਢੇ ਦਰਿਆ’ ਵਾਲੀ ਥਾਂ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਵਾਸੀਆਂ ਦੀ ਸਹੂਲਤ ਲਈ ਨਾਲੇ ‘ਤੇ ਪੁਲ ਬਣਨ ਤੱਕ ਆਰਜ਼ੀ ਪ੍ਰਬੰਧ ਕੀਤੇ ਜਾਣ
ਬੁੱਢੇ ਦਰਿਆ’ ਦੇ ਨਾਲ-ਨਾਲ ਕਬਜ਼ੇ ਹਟਾਉਣ ਅਤੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀਆਂ ਮੁਹਿੰਮਾਂ ਨੂੰ ਤੇਜ਼ ਕਰਨ ਲਈ ਵੀ ਜਾਰੀ ਕੀਤੇ ਗਏ ਨਿਰਦੇਸ਼
ਲੁਧਿਆਣਾ, 12 ਅਕਤੂਬਰ:
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੁੱਕਰਵਾਰ ਨੂੰ ‘ਬੁੱਢੇ ਦਰਿਆ ਦੀਆਂ ਵੱਖ-ਵੱਖ’ ਸਾਈਟਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸਾਂ ਵਿੱਚ ਬਾਇਓ ਗੈਸ ਪਲਾਂਟ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ‘ਬੁੱਢੇ ਦਰਿਆ’ ਵਿੱਚ ਗੋਹੇ ਨੂੰ ਡੰਪ ਹੋਣ ਤੋਂ ਬੰਦ ਕੀਤਾ ਜਾ ਸਕੇ। ਗੋਹੇ ਦੀ ਵਰਤੋਂ ਪਲਾਂਟਾ ਵਿੱਚ ਬਾਇਓ ਗੈਸ ਬਣਾਉਣ ਲਈ ਕੀਤੀ ਜਾਂਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸੰਸਦ ਮੈਂਬਰ ਸੀਚੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡੇਅਰੀ ਯੂਨਿਟ ਮਾਲਕਾਂ ਨੂੰ ਬੁੱਢੇ ਦਰਿਆ ਵਿੱਚ ਗੋਹਾ ਸੁੱਟਣ ਤੋਂ ਰੋਕਣ ਲਈ ਜਾਗਰੂਕਤਾ ਫੈਲਾਉਣ। ਗਲਤੀ ਕਰਨ ਵਾਲੇ ਡੇਅਰੀ ਯੂਨਿਟਾਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇ।
ਜ਼ਿਲ੍ਹਾ ਪ੍ਰਸ਼ਾਸਨ, ਪੀ.ਪੀ.ਸੀ.ਬੀ, ਨਗਰ ਨਿਗਮ ਦੇ ਅਧਿਕਾਰੀਆਂ ਸਮੇਤ ਸੰਸਦ ਮੈਂਬਰ ਸੀਚੇਵਾਲ ਨੇ ਪਿੰਡ ਭੂਖੜੀ ਵਿੱਚ ਬੁੱਢੇ ਦਰਿਆ ’ਤੇ ਉਸਾਰੀ ਅਧੀਨ ਪੁਲ ਵਾਲੀ ਥਾਂ ਦਾ ਵੀ ਦੌਰਾ ਕੀਤਾ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਉਸਾਰੀ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਪਿੰਡ ਵਾਸੀਆਂ ਨੂੰ ਦਰਿਆ ਪਾਰ ਕਰਨ ਵਿੱਚ ਸਹੂਲਤ ਲਈ ਆਰਜ਼ੀ ਪ੍ਰਬੰਧ ਕਰਨ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਦੀ ਕਟਾਈ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਤੋਂ ਇਲਾਵਾ, ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਦਰਿਆ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ‘ਬੁੱਢੇ ਦਰਿਆ’ ਵਿੱਚ 200 ਕਿਊਸਿਕ ਤਾਜ਼ੇ ਪਾਣੀ ਨੂੰ ਨਿਯਮਤ ਤੌਰ ‘ਤੇ ਛੱਡਿਆ ਜਾਵੇ।
ਸੰਸਦ ਮੈਂਬਰ ਸੰਤ ਸੀਚੇਵਾਲ ਨੇ ਅੱਗੇ ਸਬੰਧਤ ਅਧਿਕਾਰੀਆਂ ਨੂੰ ਬੂਟੇ ਲਗਾਉਣ ਦੀਆਂ ਮੁਹਿੰਮਾਂ ਨੂੰ ਸੁਚਾਰੂ ਬਣਾਉਣ ਲਈ ਦਰਿਆ ਦੇ ਨਾਲ-ਨਾਲ ਕੀਤੇ ਕਬਜ਼ੇ ਹਟਾਉਣ ਦੇ ਨਿਰਦੇਸ਼ ਦਿੱਤੇ। ਪਿਛਲੇ ਸਮੇਂ ਵਿੱਚ ਸੰਸਦ ਮੈਂਬਰ ਸੰਤ ਸੀਚੇਵਾਲ ਨੇ ਗੁਰਦੁਆਰਾ ਗਊ ਘਾਟ ਸਾਹਿਬ ਨੇੜੇ ‘ਬੁੱਢੇ ਦਰਿਆ’ ਵਾਲੀ ਥਾਂ ਤੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਗੁਰੂ ਨਾਨਕ ਦੇਵ ਜੀ ਨੇ ਉਕਤ ਸਥਾਨ ਦਾ ਦੌਰਾ ਕੀਤਾ ਸੀ, ਜਿਸ ਕਾਰਨ ਇਹ ਇਤਿਹਾਸਕ ਅਤੇ ਧਾਰਮਿਕ ਮਹੱਤਵ ਵੀ ਰੱਖਦਾ ਹੈ।
ਸੰਸਦ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਡੇਅਰੀ ਕੰਪਲੈਕਸਾਂ ਵਿੱਚ ਬਾਇਓ ਗੈਸ ਪਲਾਂਟ ਲਗਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦਾ ਮਾਮਲਾ ਚੰਡੀਗੜ੍ਹ ਵਿੱਚ ਉੱਚ ਅਧਿਕਾਰੀਆਂ ਕੋਲ ਵੀ ਉਠਾਇਆ ਹੈ। ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਬਾਇਓ ਗੈਸ ਪਲਾਂਟ ਪਹਿਲਾਂ ਹੀ ਚੱਲ ਰਿਹਾ ਹੈ, ਜਦੋਂ ਕਿ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਵਾਧੂ ਪਲਾਂਟ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿੱਚ ਇੱਕ ਪਲਾਂਟ ਲਗਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਸੰਸਦ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਵੀ ਨਾਲੇ ‘ਚ ਪ੍ਰਦੂਸ਼ਣ ਘਟਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਦਰਿਆ ਦੇ ਨਾਲ-ਨਾਲ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।



