ਵੱਡੀ ਖਬਰ ! ਜੱਥੇਦਾਰ ਸਾਹਿਬਾਨਾਂ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਲਈ ਪਾਰਟੀ ਵਿੱਚੋਂ ਕੱਢਣ ਦੇ ਆਦੇਸ਼
ਅੰਮ੍ਰਿਤਸਰ 15 ਅਕਤੂਬਰ-(ਸੁਖਜਿੰਦਰ ਸਿੰਘ ਢਿੱਲੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸਾਹਿਬਾਨਾਂ ਖਿਲਾਫ ਕੀਤੀ ਗਈ ਬਿਆਨਬਾਜ਼ੀ ਤੋਂ ਬਾਅਦ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ਦੌਰਾਨ ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕੀਤਾ ਗਿਆ ਸੀ। ਉੱਥੇ ਜਥੇਦਾਰ ਸਾਹਿਬਾਨਾਂ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਲਈ 24 ਘੰਟਿਆਂ ਵਿੱਚ ਪਾਰਟੀ ਵਿੱਚੋਂ ਬਾਹਰ ਕੱਢਿਆ ਜਾਵੇ। ਇਸ ਮੌਕੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਬਿਮਾਰ ਸਨ ਤੇ ਉਹਨਾਂ ਦਾ ਹਾਲ ਜਾਨਣ ਲਈ ਆਏ ਵਿਰਸਾ ਸਿੰਘ ਵਲਟੋਹਾ ਨੇ ਉਹਨਾਂ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਉਲਟ ਫੈਸਲਾ ਸੁਣਾਇਆ ਤਾਂ ਖੰਡਾ ਖੜਕਾ ਦਿਆਂਗੇ। ਜਥੇਦਾਰ ਸਾਹਿਬਾਨਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਇਸ ਤੋਂ ਬਾਅਦ ਮਾਫੀਨਾਮਾ ਵੀ ਦਿੱਤਾ ਗਿਆ ਪਰ ਉਸ ਦੀਆਂ ਗਲਤੀਆਂ ਮੁਆਫੀਯੋਗ ਨਹੀਂ ਹਨ। ਉਹਨਾਂ ਕਿਹਾ ਕਿ ਜੇਕਰ ਵਿਰਸਾ ਸਿੰਘ ਵਲਟੋਹਾ ਨੇ ਹਲੇ ਵੀ ਬਿਆਨਬਾਜ਼ੀ ਜਾਰੀ ਰੱਖੀ ਤਾਂ ਹੋਰ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸਣ ਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਸਾਹਿਬਾਨਾਂ ਉੱਪਰ ਦੋਸ਼ ਲਾਏ ਸਨ ਕਿ ਉਹ ਆਰਐਸਐਸ ਤੇ ਸਿਆਸੀ ਦਬਾਅ ਕਾਰਨ ਸੁਖਬੀਰ ਸਿੰਘ ਬਾਦਲ ਖਿਲਾਫ ਫੈਸਲਾ ਨਹੀਂ ਸੁਣਾ ਰਹੇ ਤੇ ਦੇਰੀ ਕਰ ਰਹੇ ਹਨ। ਪਰ ਅੱਜ ਜਦੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਗਿਆ ਤਾਂ ਉਹ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸਬੂਤ ਪੇਸ਼ ਨਹੀਂ ਕਰ ਸਕੇ।
ਜਿਸ ਤੋਂ ਬਾਅਦ ਜਥੇਦਾਰ ਸਾਹਿਬਾਨਾਂ ਵੱਲੋਂ ਇਹ ਫੈਸਲਾ ਲਿਆ ਗਿਆ।