21 ਫ਼ਰਵਰੀ 2023 ਤੱਕ ਸਾਰੇ ਸਾਇਨ ਬੋਰਡ ਪੰਜਾਬੀ ਭਾਸ਼ਾ ਚ ਜਾਣ ਲਿਖੇ : ਸ਼ੌਕਤ ਅਹਿਮਦ ਪਰੇ

·        ਸਰਕਾਰੀ, ਗ਼ੈਰ ਸਰਕਾਰੀ, ਪ੍ਰਾਈਵੇਟ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪਣੇ ਸਾਇਨ ਬੋਰਡ ਪੰਜਾਬੀ ਭਾਸ਼ਾ ਚ ਲਿਖਣੇ ਹੋਣਗੇ ਲਾਜ਼ਮੀ

·        ਨਿਰਧਾਰਿਤ ਮਿਤੀ ਤੋਂ ਬਾਅਦ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਰਾਜ ਭਾਸ਼ਾ ਐਕਟ 1967 ਤਹਿਤ ਹੋਵੇਗੀ ਕਾਨੂੰਨੀ ਕਾਰਵਾਈ

        ਬਠਿੰਡਾ, 19 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹੇ ਦੇ ਸਾਰੇ ਸਾਈਨ ਬੋਰਡ 21 ਫ਼ਰਵਰੀ 2023 ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਬਣਾਏ ਜਾਣਗੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

        ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਭਾਸ਼ਾ ਸਥਿਰ ਨਹੀਂ ਰਹਿੰਦੀ ਸਮੇਂ ਦੇ ਨਾਲ-ਨਾਲ ਭਾਸ਼ਾ ਵਿੱਚ ਨਵੇਂ ਸ਼ਬਦ ਜੁੜਦੇ ਰਹਿੰਦੇ ਹਨ ਤੇ ਪ੍ਰਸਾਰ ਵਿੱਚ ਕੁਝ ਨਾ ਕੁਝ ਬਦਲਾਅ ਅਤੇ ਵਾਧਾ ਹੁੰਦਾ ਰਹਿੰਦਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਜ਼ਿਲ੍ਹੇ ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਾਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖੇ ਜਾਣਗੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠ ਲਿਖਿਆ ਜਾਵੇਗਾ।

        ਪ੍ਰੈਸ ਕਾਨਫ਼ਰੰਸ ਦੌਰਾਨ ਸ਼ੌਕਤ ਅਹਿਮਦ ਪਰੇ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਨਾਮ ਪਟੀਆਂ/ਸਾਈਨ ਬੋਰਡ 21 ਫਰਵਰੀ 2023 ਤੋਂ ਪਹਿਲਾਂ-ਪਹਿਲਾਂ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਣਾ ਯਕੀਨੀ ਬਣਾਉਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰੇ ਵੀ ਆਪੋਂ-ਆਪਣੇ ਸਾਇਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਬਣਾਉਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਿਰਧਾਰਿਤ ਮਿਤੀ ਤੋਂ ਬਾਅਦ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਖਿਲਾਫ਼ ਪੰਜਾਬ ਰਾਜ ਭਾਸ਼ਾ ਐਕਟ 1967 ਅਧੀਨ ਜੁਰਮਾਨਾ ਲਗਾਉਣ ਤੋਂ ਇਲਾਵਾ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

        ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਸ਼ਾ ਦਾ ਮੂਲ ਮੰਤਵ ਜੋ ਗੱਲ ਅਸੀਂ ਦੂਸਰੇ ਵਿਅਕਤੀ ਤੱਕ ਪਹੁੰਚਾਉਣਾ ਚਾਹੁੰਦੇ ਹਨ ਉਹ ਸਹੀ ਅਰਥਾਂ ਵਿੱਚ ਉਸ ਤੱਕ ਪਹੁੰਚ ਜਾਵੇ। ਉਨ੍ਹਾਂ ਹੋਰ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਦੇ ਅਧਿਕਾਰੀ ਨੂੰ ਪੰਜਾਬੀ ਭਾਸ਼ਾ ਲਿਖਣ ਸਮੇਂ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ।

        ਇਸ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਕੀਰਤੀ ਕਿਰਪਾਲ ਨੇ ਸੂਬਾ ਸਰਕਾਰ ਵੱਲੋਂ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

CATEGORIES
TAGS
Share This

COMMENTS

Wordpress (0)
Disqus (3 )
Translate