ਆਮ ਲੋਕਾਂ ਨੂੰ ਬੈਂਕ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਬਣਾਇਆ ਜਾਵੇ ਯਕੀਨੀ : ਸ਼ੌਕਤ ਅਹਿਮਦ ਪਰੇ
· ਕਿਹਾ, ਪੁਰਾਣੇ ਲੋਨ ਕੇਸਾਂ ਨੂੰ ਜਲਦ ਚਾੜ੍ਹਿਆ ਜਾਵੇ ਨੇਪਰੇ
· ਸੰਭਾਵਤਾ ਯੁਕਤ ਰਿਣ ਯੋਜਨਾ ਕਿਤਾਬਚਾ ਕੀਤਾ ਜਾਰੀ
ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਬੈਂਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਬੈਂਕਾਂ ਨਾਲ ਚੱਲ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਤੇ ਕਾਰਜਾਂ ਬਾਰੇ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਬੈਂਕਾਂ ਨਾਲ ਸਮੱਸਿਆਵਾਂ ਵੀ ਸੁਣੀਆਂ, ਜਿਨ੍ਹਾ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸੰਭਾਵਤਾ ਯੁਕਤ ਰਿਣ ਯੋਜਨਾ ਕਿਤਾਬਚਾ ਜਾਰੀ ਕਰਨ ਉਪਰੰਤ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਬੈਂਕ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਬੈਂਕ ਪਾਸੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਭਲਾਈ ਸਕੀਮਾਂ ਦੇ ਲਾਭਾਂ ਬਾਰੇ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪੁਰਾਣੇ ਪਏ ਲੋਨ ਕੇਸਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਅਪਲਾਈ ਕੀਤਾ ਲੋਨ ਪੈਂਡਿੰਗ ਨਾ ਰਹਿਣ ਦਿੱਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬੈਂਕਾਂ ਅਤੇ ਏਟੀਐਮਜ਼ ਦੇ ਸੀਸੀਟੀਵੀ ਕੈਮਰਿਆਂ ਨੂੰ ਨਿਰੰਤਰ ਚਾਲੂ ਰੱਖਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਮੈਡਮ ਮਾਨਸੀ, ਲੀਡ ਬੈਂਕ ਮੈਨੇਜ਼ਰ ਸ਼੍ਰੀਮਤੀ ਮੰਜੂ ਮਲਹੋਤਤਰਾ, ਮੈਡਮ ਅਨੀਤਾ ਸ਼ਰਮਾ, ਨਾਬਾਰਡ ਦੇ ਏਜੀਐਮ ਸ਼੍ਰੀ ਅਮਿੱਤ ਗਰਗ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਠਿੰਡਾ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।