ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਲਈ ਡੀ.ਸੀ. ,ਐਸ ਐਸ ਪੀ ਵੱਲੋਂ ਪਿੰਡਾਂ ਦਾ ਦੌਰਾ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਾਹ ਰੱਖਣ ਲਈ 91 ਨੋਡਲ ਤੇ 17 ਕਲੱਸਟਰ ਅਫਸਰ ਨਿਯੁਕਤ- ਵਿਨੀਤ ਕੁਮਾਰ
ਨੋਡਲ ਅਧਿਕਾਰੀਆਂ ਨਾਲ ਪੁਲਿਸ ਟੀਮਾਂ ਤਾਇਨਾਤ- ਡਾ. ਪ੍ਰੱਗਿਆ ਜੈਨ
ਕਿਸਾਨਾਂ ਨੂੰ ਕਣਕ ਦੀ ਬਿਜਾਈ ਮੌਕੇ ਡੀ ਏ ਪੀ ਦੇ ਬਦਲ ਵਲੀਆਂ ਖਾਦਾਂ ਵਰਤਨ ਦੀ ਅਪੀਲ
ਪਰਾਲੀ ਨੂੰ ਅੱਗ ਲਗਾਉਣ ਤੇ 13 ਐਫ. ਆਈ . ਆਰ ਦਰਜ ਤੇ ਜੁਰਮਾਨੇ ਲਗਾਏ ਗਏ
ਪਿੰਡਾਂ ਵਿੱਚ ਜਾਗਰੂਕਤਾ ਲਈ ਗਰਾਮ ਸਭਾਵਾਂ ਦਾ ਆਯੋਜਨ


ਫਰੀਦਕੋਟ, 1 ਨਵੰਬਰ 2024
ਫਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜਿਲ੍ਹੇ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ ਅਤੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਤੇ ਐਸ ਐਸ ਪੀ ਡਾ. ਪ੍ਰੱਗਿਆ ਜੈਨ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਲਈ ਪਿੰਡ ਅਰਾਈਆਂ ਵਾਲਾ, ਬੀਹਲੇਵਾਲਾ ਆਦਿ ਦਾ ਦੌਰਾ ਕਰਨ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ 1 ਮਹੀਨੇ ਤੋਂ ਵੱਧ ਸਮੇਂ ਤੋਂ ਜਿਲ੍ਹਾ ਪ੍ਰਸ਼ਾਸ਼ਨ, ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੇਂਡੂ ਵਿਕਾਸ ਵਿਭਾਗ, ਮਾਲ ਵਿਭਾਗ, ਸਹਿਕਾਰੀ ਵਿਭਾਗ ਆਦਿ ਵੱਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਪਰਾਲੀ ਪ੍ਰਬੰਧਨ ਅਤੇ ਇਸ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤਾ, ਸਹਿਕਾਰੀ ਸਭਾਵਾਂ ਤੇ ਨਿੱਜੀ ਵਿਅਕਤੀਆਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਸਮੇਂ ਖੇਤੀ ਮਸ਼ੀਨਰੀ ਦੀ ਉਪਲੱਬਧਤਾ ਸਬੰਧੀ ਪਿੰਡ ਪੱਧਰ ਤੇ ਲਿਸਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ ਕਿਊ.ਆਰ. ਕੋਡ ਵੀ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਜਿਲ੍ਹੇ ਦੇ ਸਮੂਹ ਪਿੰਡਾਂ ਲਈ 17 ਕਲੱਸਟਰ ਅਫਸਰਾਂ ਦੀ ਨਿਗਰਾਨੀ ਹੇਠ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਜਾਗਰੂਕਤਾ ਮੁਹਿੰਮ/ਕਾਰਵਾਈ ਲਈ 91 ਨੋਡਲ ਅਧਿਕਾਰੀਆਂ ਲਗਾਏ ਗਏ ਹਨ, ਜੋ ਕਿਤੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਕਾਰਵਾਈ ਹੋਂਦ ਵਿੱਚ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਰਵੈਸਟ ਕੰਬਾਇਨਾਂ ਲਈ ਸੁਪਰ ਐਸ.ਐਮ.ਐਸ ਤਕਨੀਕ ਲਾਜਮੀ ਕੀਤਾ ਗਿਆ ਹੈ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਕੱਲ ਤੱਕ 41 ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ, ਜਿੰਨਾ ਵਿੱਚੋਂ ਕੇਸਾਂ ਦੀ ਪੜਤਾਲ ਕਰਕੇ 13 ਕੇਸ ਸਾਹਮਣੇ ਆਏ ਅਤੇ ਇਨ੍ਹਾਂ ਕੇਸਾਂ ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿੱਚ ਰੈੱਡ ਐਂਟਰੀ, ਐਫ.ਆਰ.ਆਈ ਅਤੇ ਚਾਲਾਨ ਕੀਤੇ ਗਏ । ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਗ੍ਰਾਮ ਪੰਚਾਇਤਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਹੁੰ ਚੁਕਾਈ ਜਾ ਰਹੀ ਹੈ।ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਮੌਕੇ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਵਰਤਨ ਦੀ ਅਪੀਲ ਕੀਤੀ ਤੇ ਕਿਹਾ ਕਿ ਇਸ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਵੀ ਸਲਾਹ ਲੈਣ।
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਤੇ ਐਸ ਐਸ ਪੀ ਡਾ. ਪ੍ਰੱਗਿਆ ਜੈਨ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਵੱਖ ਵੱਖ ਤਕਨੀਕਾਂ ਦਾ ਇਸਤੇਮਾਲ ਕਰਕੇ ਕਣਕ ਦੀ ਬਿਜਾਈ ਕਰਨ ਤਾਂ ਜੋ ਵਾਤਾਵਰਨ ਨੂੰ ਸਾਫ ਸੁੱਥਰਾ ਰੱਖਿਆ ਜਾ ਸਕੇ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate