ਗਿੱਦੜਬਾਹਾ ਜ਼ਿਮਨੀ ਚੋਣ ਲਈ ਸਾਰੇ ਪ੍ਰਬੰਧ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
ਪੋਲਿੰਗ ਪਾਰਟੀਆਂ ਵੋਟਿੰਗ ਕਰਵਾਉਣ ਲਈ ਹੋਈਆਂ ਰਵਾਨਾ
1,66,731 ਵੋਟਰ ਕਰਨਗੇ ਵੋਟ ਦੇ ਹੱਕ ਦਾ ਇਸਤੇਮਾਲ
ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ 084-ਗਿੱਦੜਬਾਹਾ ਦੀ 20 ਨਵੰਬਰ 2024 ਨੂੰ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਗਿੱਦੜਬਾਹਾ ਵਿਖੇ ਪੋਲਿੰਗ ਬੂਥਾਂ ਲਈ ਪੋਲਿੰਗ ਟੀਮਾਂ ਨੂੰ ਰਵਾਨਾ ਕਰਨ ਮੌਕੇ ਸਾਂਝੀ ਕੀਤੀ।
ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ 1,66,731 ਵੋਟਰ ਹਨ, ਜਿਨ੍ਹਾਂ ਵਿੱਚ ਪੁਰਸ਼ ਵੋਟਰਾਂ ਦੀ ਗਿਣਤੀ 86,835, ਮਹਿਲਾ ਵੋਟਰਾਂ ਦੀ ਗਿਣਤੀ 79,885 ਅਤੇ ਥਰਡ ਜੈਂਡਰ ਵੋਟਰਾਂ ਦੀ ਗਿਣਤੀ 11 ਹੈ, ਜਿਨ੍ਹਾਂ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿੱਦੜਬਾਹਾ ਹਲਕੇ ਵਿੱਚ ਕੁੱਲ 173 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਬੂਥਾਂ ’ਤੇ ਵੈਬਕਾਸਟਿੰਗ ਹੋਵੇਗੀ। ਵੋਟਿੰਗ ਸਵੇਰੇ 07 ਵਜੇ ਤੋਂ ਸ਼ਾਮ 06 ਵਜੇ ਤੱਕ ਹੋਵੇਗੀ।
ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਗਿੱਦੜਬਾਹਾ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਕਿਸੇ ਡਰ, ਭੈਅ, ਦਬਾਅ ਅਤੇ ਲਾਲਚ ਦੇ ਆਪੋ-ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨ।



