ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ-ਸਿਬਿਨ ਸੀ

ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਵੋਟਰਾਂ, ਚੋਣ ਅਮਲੇ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 20 ਨਵੰਬਰ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ 54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

CATEGORIES
Share This

COMMENTS

Wordpress (0)
Disqus (0 )
Translate