ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਸੁਧਾਰ ਲਈ ਨਹਿਰਾਂ, ਰਜਵਾਹਿਆਂ, ਖਾਲਾਂ ਦਾ ਹੋਵੇਗਾ ਨਵੀਨੀਕਰਨ-ਬਰਿੰਦਰ ਕੁਮਾਰ ਗੋਇਲ

ਡੈਮਾਂ ਤੇ ਨਹਿਰਾਂ ਦੇ ਪਾਣੀ ਦੀ ਸਿੰਚਾਈ ਲਈ 100 ਪ੍ਰਤੀਸ਼ਤ ਵਰਤੋਂ ਯਕੀਨੀ ਬਣਾਈ ਜਾਵੇਗੀ

ਰਾਜ ਸਰਕਾਰ ਨੇ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ

ਜਲ ਸਰੋਤ ਮੰਤਰੀ ਨੇ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰ ਤੇ 10.24 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਪੁਲਾਂ ਦਾ ਕੀਤਾ ਉਦਘਾਟਨ

ਫ਼ਰੀਦਕੋਟ 29 ਨਵੰਬਰ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਡੈਮਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵਿਆਪਕ ਯੋਜਨਾ ਉਲੀਕੀ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਅਤੇ ਬਿਜਲੀ ਦੀ ਬੱਚਤ ਕੀਤੀ ਜਾ ਸਕੇ।

ਇਹ ਪ੍ਰਗਟਾਵਾ ਜਲ ਸਰੋਤ, ਮਾਈਨਿੰਗ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਚਾਕੀ ਮੱਲ ਸਿੰਘ ਰੋਡ ਅਤੇ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰਾਂ ‘ਤੇ 10.24 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਸਟੀਲ ਦੇ ਪੁਲਾਂ ਦਾ ਉਦਘਾਟਨ ਕਰਨ ਮੌਕੇ ਕੀਤਾ ਗਿਆ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਬਣਨ ਨਾਲ ਫਰੀਦਕੋਟ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਨੂੰ ਵੀ ਆਵਾਜਾਈ ਲਈ ਵੱਡੀ ਸਹੂਲਤ ਮਿਲੇਗੀ ਕਿਉਂਕਿ ਇਸ ਤੋਂ ਪਹਿਲਾਂ ਇਹ ਪੁਲ ਬਹੁਤ ਤੰਗ ਸਨ ਜਿਸ ਕਰਕੇ ਲੋਕਾਂ ਨੂੰ ਆਵਾਜਾਈ ਸਬੰਧੀ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹ ਪੁਲ ਮਿੱਥੇ ਸਮੇਂ ਤੋਂ 4 ਮਹੀਨੇ ਪਹਿਲਾਂ ਤਿਆਰ ਕੀਤੇ ਗਏ ਹਨ ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵਿਭਾਗ ਦੇ ਅਧਿਕਾਰੀ ਵਧਾਈ ਦੇ ਪਾਤਰ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨਹਿਰਾਂ ‘ਤੇ ਫ਼ਰੀਦਕੋਟ ਨਾਲ ਲਗਦੇ ਤਲਵੰਡੀ ਬਾਈਪਾਸ ਉਪਰ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ 2 ਹੋਰ ਪੁਲਾਂ ਦੀ ਉਸਾਰੀ ਹੋ ਰਹੀ ਹੈ ਅਤੇ ਉਨ੍ਹਾਂ ਵਿੱਚ 1 ਪੁਲ ਜਨਵਰੀ ਮਹੀਨੇ ਤੱਕ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਸਬੰਧੀ ਤਰਜੀਹੀ ਯੋਜਨਾ ਉਲੀਕੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਨਹਿਰਾਂ ਅਤੇ ਡੈਮਾਂ ਦੇ ਪਾਣੀ ਦੀ ਵਰਤੋਂ ਦੇ ਟੀਚੇ ਨੂੰ 100 ਪ੍ਰਤੀਸ਼ਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ 38 ਪ੍ਰਤੀਸ਼ਤ ਵੇਸਟ ਜਾ ਰਹੇ ਪਾਣੀ ਨੂੰ ਵਰਤੋਂ ਵਿੱਚ ਲਿਆਉਣ ਲਈ ਨਹਿਰਾਂ ਦੇ ਨਵੀਨੀਕਰਨ, ਰਜਵਾਹੇ, ਖਾਲਾਂ ਆਦਿ ਨੂੰ ਪੱਕਾ ਕੀਤਾ ਜਾਵੇਗਾ ਅਤੇ ਉਨ੍ਹਾਂ ਵਿੱਚ ਪਾਣੀ ਦੀ ਸਮੱਰਥਾ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ 100 ਪ੍ਰਤੀਸ਼ਤ ਵਰਤੋਂ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਕਾਫੀ ਹੱਦ ਤੱਕ ਘੱਟ ਜਾਵੇਗੀ। ਇਸ ਤੋਂ ਇਲਾਵਾ ਟਿਊਬਵੈੱਲਾਂ ਦੀ ਵਰਤੋਂ ਘੱਟ ਹੋਣ ਕਾਰਨ ਬਿਜਲੀ ਦੀ ਵੀ ਵੱਡੀ ਪੱਧਰ ‘ਤੇ ਬੱਚਤ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਦਰਤੀ ਸੋਮੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦਾ ਇਹ ਵੱਡਾ ਉਪਰਾਲਾ ਹੈ ਅਤੇ ਪਿਛਲੇ 40 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਇਸ ਪ੍ਰੋਜੈਕਟ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਲਾਂ ‘ਤੇ ਜਨਵਰੀ 2024 ਨੂੰ ਮੁੜਨਿਰਮਾਣ ਲਈ ਕੰਮ ਸ਼ੁਰੂ ਕੀਤਾ ਗਿਆ ਸੀ, ਜੋ ਇੱਕ ਸਾਲ ਦੇ ਸਮੇਂ ਵਿੱਚ ਪੂਰਾ ਹੋਣਾ ਸੀ ਪਰ ਇਸ ਨੂੰ 4 ਮਹੀਨੇ ਪਹਿਲਾਂ ਹੀ ਪੂਰਾ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਇਨ੍ਹਾਂ ਪੁਲਾਂ ਨੂੰ 2 ਮਹੀਨੇ ਪਹਿਲਾਂ ਹੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਸੀ ਜਦ ਕਿ ਇਸ ਦਾ ਰਸਮੀ ਉਦਘਾਟਨ ਅੱਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਬਾਈਪਾਸ ‘ਤੇ ਬਣ ਰਹੇ ਪੁਲ ਵੀ ਜਲਦੀ ਹੀ ਬਣ ਕੇ ਤਿਆਰ ਹੋਣ ਉਪਰੰਤ ਲੋਕਾਂ ਲਈ ਖੋਲ੍ਹ ਦਿੱਤੇ ਜਾਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਪਹੁੰਚਣ ‘ਤੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਕਾਰਜਕਾਰੀ ਇੰਜੀਨੀਅਰ ਰਾਜਸਥਾਨ ਫੀਡਰ ਨਹਿਰ ਅਤੇ ਗਰਾਊਂਡ ਵਾਟਰ ਮੰਡਲ ਸ. ਰਮਨਪ੍ਰੀਤ ਸਿੰਘ, ਸ੍ਰੀ ਸੰਦੀਪ ਗੋਇਲ ਐਸ.ਈ. ਫਿਰੋਜਪੁਰ ਕਨਾਲ ਸਰਕਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਤੇਜ ਸਿੰਘ ਖੋਸਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਅਤੇ ਵਰਕਰ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate