ਸ਼੍ਰੋਮਣੀ ਕਮੇਟੀ ਨੇ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 4 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਲਿਆ।
ਉਨ੍ਹਾਂ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਾਦ ਹੋਂਦ ਹਸਤੀ ਨੂੰ ਖ਼ਤਮ ਕਰਨ ਲਈ ਯਤਨਸੀਲ ਰਹੀਆਂ ਹਨ। ਇਸੇ ਲਈ ਸਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਕੀਤੇ ਜਾਂਦੇ ਰਹੇ, ਜਿਸ ਦਾ ਸਿੱਖ ਸੂਰਮਿਆਂ ਨੇ ਹਮੇਸ਼ਾਂ ਡੱਟ ਕੇ ਮੁਕਾਬਲਾ ਕੀਤਾ। ਅਹਿਮਦ ਸ਼ਾਹ ਅਬਦਾਲੀ ਵੱਲੋਂ ਕੀਤੇ ਗਏ ਹਮਲੇ ਸਮੇਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਅਗਵਾਈ ਹੇਠ ਸਿੰਘਾਂ ਨੇ ਡਟ ਕੇ ਮੁਕਾਬਲਾ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਸੰਗਤਾਂ ਨੂੰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਸਮਾਗਮ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਇੰਚਾਰਜ ਸ. ਮੇਜਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।