ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਐਲਾਨੇ ਜਾਣ ਤੇ ਪ੍ਰਗਟਾਇਆ ਸਖਤ ਇਤਰਾਜ਼, ਤਰੀਕ ਬਦਲਣ ਦੀ ਕੀਤੀ ਮੰਗ
ਅੰਮ੍ਰਿਤਸਰ, 8 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਏ ਜਾਣ ਦਾ ਐਲਾਨ ਕੀਤੇ ਜਾਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸੰਬਰ ਮਹੀਨਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਚੋਣਾਂ ਜਨਵਰੀ ਵਿੱਚ ਕਰਵਾਏ ਜਾਣ ਲਈ ਪਹਿਲਾਂ ਹੀ ਪੱਤਰ ਲਿਖਿਆ ਗਿਆ ਸੀ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਦਰਕਿਨਾਰ ਕਰਕੇ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਚੋਣਾਂ ਜਨਵਰੀ ਮਹੀਨੇ ਵਿੱਚ ਕਰਵਾਉਂਦੀ ਅਤੇ ਇਸ ਸਬੰਧੀ ਪਹਿਲਾਂ ਹੀ ਚੋਣ ਕਮਿਸ਼ਨ ਨੂੰ ਸਪਸ਼ਟ ਕਰਦੀ। ਐਡਵੋਕੇਟ ਧਾਮੀ ਨੇ ਕਿਹਾ ਕਿ 22 ਦਸੰਬਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਸਬੰਧ ਵਿੱਚ 21 ਦਸੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੇ ਸਮਾਗਮ ਆਰੰਭ ਹੋਣਗੇ। ਉਸੇ ਦਿਨ ਪੰਜਾਬ ਸਰਕਾਰ ਵੱਲੋਂ ਚੋਣਾਂ ਕਰਵਾਈਆਂ ਜਾਣੀਆਂ ਸਿੱਖ ਭਾਵਨਾਵਾਂ ਦੇ ਬਿਲਕੁਲ ਵਿਰੁੱਧ ਹਨ।
ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੀ ਤਰੀਕ ਬਦਲ ਕੇ ਜਨਵਰੀ 2025 ਵਿਚ ਨਿਰਧਾਰਤ ਕੀਤੀ ਜਾਵੇ। ਜੇਕਰ ਇਹ ਚੋਣਾਂ ਦਸੰਬਰ ਵਿੱਚ ਹੁੰਦੀਆਂ ਹਨ ਤਾਂ ਇਹ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਨਿਰਾਦਰ ਹੋਵੇਗਾ।