ਕੇ.ਵੀ.ਕੇ ਫਰੀਦਕੋਟ ਨੇ ਸੀ.ਆਰ.ਐਮ ਦੇ ਅਧੀਨ ਕਿਸਾਨ ਮੇਲਾ ਕਰਵਾਇਆ
ਫਰੀਦਕੋਟ 23 ਦਸੰਬ\ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋਂ ਡਾ: ਹਰਿੰਦਰ ਸਿੰਘ, ਐਸੋਸੀਏਟ ਡਾਇਰੈਕਟਰ ਕੇ.ਵੀ.ਕੇ, ਫਰੀਦਕੋਟ ਦੀ ਅਗਵਾਈ ਹੇਠ ਕਿਸਾਨ ਦਿਵਸ ਅਤੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਬੇਅੰਤ ਕੌਰ ਪਤਨੀ ਸ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਫਰੀਦਕੋਟ ਨੇ ਸ਼ਿਰਕਤ ਕੀਤੀ। ਇਸ ਮੌਕੇ ਸ: ਅਮਨਪ੍ਰੀਤ ਸਿੰਘ ਬਰਾੜ, ਮੈਂਬਰ ਬੋਰਡ ਆਫ਼ ਮੈਨੇਜਮੈਂਟ, ਪੀ.ਏ.ਯੂ., ਲੁਧਿਆਣਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਇਸ ਮੌਕੇ ਸ ਅਮਨਪ੍ਰੀਤ ਸਿੰਘ ਬਰਾੜ ਮੈਂਬਰ ਬੋਰਡ ਆਫ਼ ਮੈਨੇਜਮੈਂਟ, ਪੀ.ਏ.ਯੂ., ਲੁਧਿਆਣਾ ਨੇ ਕਿਸਾਨਾਂ ਨੂੰ ਟਿਕਾਊ ਖੇਤੀ ਰਾਹੀਂ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਬਾਗਬਾਨੀ ਦੇ ਖੇਤਰ ਵਿੱਚ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ। ਉਨ੍ਹਾਂ ਕੇ.ਵੀ.ਕੇ. ਫਰੀਦਕੋਟ ਵੱਲੋਂ ਆਪਣੀਆਂ ਵਿਸਥਾਰ ਗਤੀਵਿਧੀਆ ਰਾਹੀਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਦੇ ਯਤਨਾਂ ਦੀ ਭਰਪੂਰ ਸਲਾਘਾ ਕੀਤੀ। ਡਾ: ਹਰਿੰਦਰ ਸਿੰਘ ਨੇ ਕੇ.ਵੀ.ਕੇ. ਫਰੀਦਕੋਟ ਦੀਆਂ ਚੱਲ ਰਹੀਆਂ ਵੱਖ-ਵੱਖ ਖੋਜਾਂ ਅਤੇ ਪਸਾਰ ਗਤੀਵਿਧੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੇ ਫਸਲਾਂ ਦੀ ਵਿਭਿੰਨਤਾ, ਕੁਦਰਤੀ ਸਰੋਤ ਪ੍ਰਬੰਧਨ, ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਸਾਨ ਉਤਪਾਦਕ ਸੰਗਠਨਾਂ ਦੇ ਗਠਨ ਦੇ ਢਾਂਚੇ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਢੁਕਵੀਂ ਤਕਨਾਲੋਜੀ ਦੇ ਪ੍ਰਸਾਰ ਲਈ ਯੂਟਿਊਬ ਚੈਨਲ “ਕਿਸਾਨ ਬੋਲਦਾ” ਦੇ ਰੂਪ ਵਿੱਚ ਕੇਵੀਕੇ ਦੀਆਂ ਨਵੀਆਂ ਪਹਿਲਕਦਮੀਆਂ ਵੀ ਪੇਸ਼ ਕੀਤੀਆਂ।
ਤਕਨੀਕੀ ਸੈਸ਼ਨ ਦੌਰਾਨ ਡਾ: ਸਤਨਾਮ ਸਿੰਘ ਨੇ ਗੁਲਾਬੀ ਬੋਲਵਰਮ ਦੇ ਆਫ-ਸੀਜ਼ਨਲ ਪ੍ਰਬੰਧਨ ਤੇ ਜਾਣਕਾਰੀ ਦਿੱਤੀ। ਡਾ: ਅਸ਼ੋਕ ਕੁਮਾਰ ਨੇ ਹਾੜੀ ਦੀਆਂ ਫ਼ਸਲਾਂ ਵਿੱਚ ਬਿਮਾਰੀਆਂ ਦੇ ਪ੍ਰਬੰਧਨ ਸਬੰਧੀ ਨੁਕਤੇ ਸਾਂਝੇ ਕੀਤੇ। ਡਾ: ਸੁਧੀਰ ਮਿਸ਼ਰਾ ਨੇ ਉੱਚ ਉਤਪਾਦਕਤਾ ਲਈ ਵੱਖ-ਵੱਖ ਫ਼ਸਲਾਂ ਵਿੱਚ ਜਲਵਾਯੂ ਅਨੁਕੂਲ ਤਕਨੀਕਾਂ ‘ਤੇ ਵਿਚਾਰ ਕੀਤਾ। ਡਾ: ਫਤਿਹਜੀਤ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿੱਚ ਨਦੀਨਾਂ ਦੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਸ੍ਰੀਮਤੀ ਬੇਅੰਤ ਕੌਰ ਨੇ ਸੀ.ਆਰ.ਐਮ ਪ੍ਰੋਜੈਕਟ ਤਹਿਤ ਗੋਦ ਲਏ ਪੰਜ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ 20 ਅਗਾਂਹਵਧੂ ਕਿਸਾਨਾਂ ਨੂੰ ਸੀ.ਆਰ.ਐਮ, ਬਾਗਬਾਨੀ ਅਤੇ ਸਹਾਇਕ ਖੇਤਰਾਂ ਵਿੱਚ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸੰਸਥਾਵਾਂ ਜਿਵੇਂ ਕਿ. ਸੀਈਆਰ ਅਤੇ ਬਲਿਹਾਰ ਫਾਊਂਡੇਸ਼ਨ ਵੱਲੋਂ ਵੀ ਸਮਾਜ ਦੇ ਭਲੇ ਲਈ ਕੀਤੀ ਜਾ ਰਹੀ ਸਮਾਜ ਸੇਵਾ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਤੋਂ 500 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਕਿਸਾਨ ਮੇਲੇ ਵਿੱਚ ਸਬੰਧਤ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਹੋਏ। ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਪ੍ਰਾਪਤੀਆਂ ਅਤੇ ਆਪੋ-ਆਪਣੇ ਵਿਭਾਗਾਂ ਦੀਆਂ ਗਤੀਵਿਧੀਆਂ ਨੂੰ ਉਜਾਗਰ ਕਰਦੀ ਇੱਕ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਲਗਾਈ ਗਈ।