ਪਟਿਆਲਾ ਜ਼ਿਲ੍ਹੇ ‘ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਆਬਜ਼ਰਵਰ ਹਰਬੀਰ ਸਿੰਘ ਵੱਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ
ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ-ਅਬਜ਼ਰਵਰ ਹਰਬੀਰ ਸਿੰਘ
ਪਟਿਆਲਾ,12 ਦਸੰਬਰ
21 ਦਸੰਬਰ ਨੂੰ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਤੇ ਉਪ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਅਬਜ਼ਰਵਰ ਸੀਨੀਅਰ ਆਈ.ਏ.ਐਸ. ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗਾਂ ਦੇ ਵਿਸ਼ੇਸ਼ ਸਕੱਤਰ ਹਰਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ।
ਚੋਣ ਆਬਜ਼ਰਵਰ ਹਰਬੀਰ ਸਿੰਘ ਨੇ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ। ਉਨ੍ਹਾਂ ਨੇ ਵੋਟਾਂ ਬਾਅਦ ਈ.ਐਮ.ਐਮਜ਼ ਨੂੰ ਰੱਖਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਬਣਾਏ ਗਏ ਸਟਰਾਂਗ ਰੂਮ ਅਤੇ ਬੀ.ਡੀ.ਪੀ.ਓ. ਦਫ਼ਤਰ ਸਨੌਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਸਨੌਰ ਦੇ ਰਿਟਰਨਿੰਗ ਅਧਿਕਾਰੀ ਨਵਦੀਪ ਕੁਮਾਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਅਤੇ ਐਸ.ਪੀ. ਸਥਾਨਕ ਹਰਬੰਤ ਕੌਰ ਵੀ ਮੌਜੂਦ ਸਨ।
ਜਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਨਗਰ ਕੌਂਸਲ ਸਨੌਰ ਸਮੇਤ ਨਗਰ ਪੰਚਾਇਤਾਂ ਘਨੌਰ, ਦੇਵੀਗੜ੍ਹ, ਭਾਦਸੋਂ ਤੇ ਘੱਗਾ ਦੀਆਂ ਆਮ ਚੋਣਾਂ ਤੋਂ ਇਲਾਵਾ ਸਮਾਣਾ, ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀ ਇੱਕ-ਇੱਕ ਵਾਰਡ ਵਿੱਚ ਉਪ ਚੋਣ ਵੀ ਹੋਰ ਰਹੀ ਹੈ, ਜਿਸ ਲਈ ਰਾਜ ਚੋਣ ਕਮਿਸ਼ਨ ਨੇ ਹਰਬੀਰ ਸਿੰਘ ਨੂੰ ਨਿਗਰਾਨ ਤਾਇਨਾਤ ਕੀਤਾ ਹੈ।
ਚੋਣ ਆਬਜ਼ਰਵਰ ਹਰਬੀਰ ਸਿੰਘ ਨੇ ਪੋਲਿੰਗ ਬੂਥਾਂ ਸਬੰਧੀ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਬਾਰੇ ਜਾਣਕਾਰੀ ਹਾਸਲ ਕਰਦਿਆਂ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਸਮੁੱਚਾ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਇਆ ਜਾਵੇ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਲਈ ਸੁਰੱਖਿਆ ਸਮੇਤ ਸਮੁੱਚੇ ਪ੍ਰਬੰਧ ਮੁਕੰਮਲ ਹਨ।