ਮੀਤ ਹੇਅਰ ਨੇ ਸੰਸਦ ਵਿੱਚ ਉਠਾਇਆ ਕਿਸਾਨਾਂ ਦਾ ਮੁੱਦਾ,ਪੁੱਛਿਆ-2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਪ੍ਰਧਾਨ ਮੰਤਰੀ ਮੋਦੀ ਦੇ ਵਾਅਦੇ ਦਾ ਕੀ ਹੋਇਆ?

ਕਿਹਾ- ਮੋਦੀ ਸਰਕਾਰ ਦੇ 11 ਬਜਟ ਪੇਸ਼ ਹੋ ਚੁੱਕੇ ਹਨ ਪਰ ਕਿਸੇ ਵਿਚ ਵੀ ਕਿਸਾਨਾਂ ਦੀ ਆਮਦਨ ਵਧਾਉਣ ਦਾ ਕੋਈ ਜ਼ਿਕਰ ਨਹੀਂ

ਮੀਤ ਹੇਅਰ ਨੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੀ ਕੀਤਾ ਜ਼ਿਕਰ, ਕਿਹਾ- ਕੇਂਦਰ ਸਰਕਾਰ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ

ਕੇਂਦਰ ਸਰਕਾਰ ਤੁਰੰਤ ਕਿਸਾਨਾਂ ਦੀਆਂ ਮੰਗਾਂ ਨੂੰ ਮਨੇ ਅਤੇ ਐਮਐਸਪੀ ਗਾਰੰਟੀ ਕਾਨੂੰਨ ਲਾਗੂ ਕਰੇ – ਮੀਤ ਹੇਅਰ 

ਚੰਡੀਗੜ੍ਹ, 16 ਦਸੰਬਰ

ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਸੰਸਦ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਦਾ ਕੀ ਹੋਇਆ? ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਇਸ ‘ਤੇ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ। 

ਮੀਤ ਹੇਅਰ ਨੇ ਕਿਹਾ ਕਿ 2014 ਵਿੱਚ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 11 ਬਜਟ ਪੇਸ਼ ਕੀਤੇ ਜਾ ਚੁੱਕੇ ਹਨ ਪਰ ਕਿਸੇ ਵੀ ਬਜਟ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਨੂੰ ਰੱਦ ਕਰਦਿਆਂ ਦੇਸ਼ ਦੇ ਕਿਸਾਨਾਂ ਨੂੰ ਐਮਐਸਪੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਵੀ ਅੱਜ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਲੋਕ ਸ਼ਹੀਦ ਹੋਏ ਸਨ। ਅੱਜ ਖੇਤੀ ਕਾਨੂੰਨ ਵਾਪਸ ਲਏ 300 ਦਿਨ ਬੀਤ ਚੁੱਕੇ ਹਨ ਪਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

ਪੰਜਾਬ ਦੇ ਕਿਸਾਨ ਐਮਐਸਪੀ ਨੂੰ ਲਾਗੂ ਕਰਵਾਉਣ ਲਈ ਕਰੀਬ ਇੱਕ ਸਾਲ ਤੋਂ ਹਰਿਆਣਾ ਦੀ ਸਰਹੱਦ ‘ਤੇ ਬੈਠੇ ਹਨ, ਪਰ ਉਨ੍ਹਾਂ ਨੂੰ ਦਿੱਲੀ ਨਹੀਂ ਆਉਣ ਦਿੱਤਾ ਜਾ ਰਿਹਾ।

ਹਰਿਆਣਾ ਅਤੇ ਪੰਜਾਬ ਦਾ ਬਾਰਡਰ ਪਾਕਿਸਤਾਨ ਵਾਂਗ ਬਣਾ ਰਖਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਉਦਯੋਗਪਤੀਆਂ ਦੇ 10 ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ ਪਰ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਲਈ ਆਪਣੀ ਜ਼ਮੀਨ ਅਤੇ ਪਾਣੀ ਬਰਬਾਦ ਕਰ ਦਿੱਤਾ ਪਰ ਅੱਜ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਲਈ ਆਉਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਤਸ਼ੱਦਦ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਲਾਗੂ ਕਰੇ।

ਮੀਤ ਹੇਅਰ ਨੇ ਪੰਜਾਬ-ਹਰਿਆਣਾ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਹ ਆਪਣੇ ਨਿੱਜੀ ਹਿੱਤਾਂ ਲਈ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦੀ ਭਲਾਈ ਲਈ 21 ਦਿਨਾਂ ਤੋਂ ਭੁੱਖੇ ਬੈਠੇ ਹਨ। ਅਸੀਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਾਂ।  ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। 

ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਟਰੈਕਟਰ ਟਰਾਲੀਆਂ ਨਹੀਂ ਲਿਆ ਸਕਦੇ, ਇਸ ਲਈ ਉਹ ਟਰੈਕਟਰ ਟਰਾਲੀਆਂ ਨਹੀਂ ਲੈ ਕੇ ਆਏ। ਸਰਕਾਰ ਨੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਨਹੀਂ ਆ ਸਕਦੇ, ਇਸ ਲਈ ਉਨ੍ਹਾਂ ਨੇ ਸਿਰਫ 100 ਕਿਸਾਨਾਂ ਨਾਲ ਦਿੱਲੀ ਆਉਣ ਦੀ ਯੋਜਨਾ ਬਣਾਈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਨੂੰ ਆਉਣ ਦੀ ਇਜਾਜ਼ਤ ਨਹੀਂ ਦੇ ਰਹੀ।  ਜਦੋਂ ਕਿਸਾਨ ਸਰਕਾਰ ਦੀ ਹਰ ਗੱਲ ਮੰਨਣ ਲਈ ਤਿਆਰ ਹਨ ਤਾਂ ਸਰਕਾਰ ਨੂੰ ਵੀ ਉਨ੍ਹਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ।

ਮੀਤ ਹੇਅਰ ਨੇ ਆਪਣੇ ਭਾਸ਼ਣ ਵਿੱਚ ਦੇਸ਼ ਦੇ ਲੋਕਾਂ ਦੀ ਮਾੜੀ ਆਰਥਿਕ ਸਥਿਤੀ ਦਾ ਵੀ ਜ਼ਿਕਰ ਕੀਤਾ ਅਤੇ ਪ੍ਰਕਾਸ਼ਿਤ ਅੰਕੜਿਆਂ ਰਾਹੀਂ ਦੱਸਿਆ ਕਿ ਅਸੀਂ ਪ੍ਰਤੀ ਵਿਅਕਤੀ ਆਮਦਨ ਵਿੱਚ ਵਿਸ਼ਵ ਵਿੱਚ 141ਵੇਂ ਸਥਾਨ ‘ਤੇ ਹਾਂ। 140 ਕਰੋੜ ਦੀ ਆਬਾਦੀ ਵਿੱਚੋਂ ਸਿਰਫ਼ 10 ਫ਼ੀਸਦੀ ਲੋਕ ਹੀ 25,000 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕਮਾਉਂਦੇ ਹਨ।  ਇਸ ਅੰਕੜੇ ਨੂੰ ਕਿਸਾਨਾਂ ਨਾਲ ਜੋੜਦਿਆਂ ਉਨ੍ਹਾਂ ਕਿਹਾ ਕਿ 90 ਫੀਸਦੀ ਲੋਕ ਜਿਨ੍ਹਾਂ ਦੀ ਆਮਦਨ 25,000 ਰੁਪਏ ਪ੍ਰਤੀ ਮਹੀਨਾ ਤੋਂ ਘੱਟ ਹੈ, ਉਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨ ਅਤੇ ਮਜ਼ਦੂਰ ਹਨ।

ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਵੱਧ ਕੁਰਬਾਨੀ ਦਿੱਤੀ। ਅੱਜ ਵੀ ਲਗਭਗ ਹਰ ਪਿੰਡ ਵਿੱਚ ਸ਼ਹੀਦ ਫੌਜੀਆਂ ਦੇ ਬੁੱਤ ਸਥਾਪਿਤ ਹਨ। ਆਜ਼ਾਦੀ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਇਆ।  ਇੱਕ ਵਾਰ ਇਸੇ ਸੰਸਦ ਵਿੱਚ ਦੇਸ਼ ਦੇ ਲੋਕਾਂ ਨੂੰ ਹਫ਼ਤੇ ਵਿੱਚ ਇੱਕ ਦਿਨ ਵਰਤ ਰੱਖਣ ਲਈ ਕਿਹਾ ਗਿਆ ਸੀ ਤਾਂ ਜੋ ਦੇਸ਼ ਨੂੰ ਦੂਜੇ ਦੇਸ਼ਾਂ ਤੋਂ ਅਨਾਜ ਮੰਗਣ ਦੀ ਲੋੜ ਨਾ ਪਵੇ।  ਪੰਜਾਬ ਦੇ ਕਿਸਾਨਾਂ ਨੇ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸਭ ਕੁਝ ਕੁਰਬਾਨ ਕਰ ਦਿੱਤਾ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਮਾੜਾ ਸਲੂਕ ਕਰਨ ਤੋਂ ਪਹਿਲਾਂ ਇਤਿਹਾਸ ਪੜ੍ਹ ਲੈਣਾ ਚਾਹੀਦਾ ਹੈ।

CATEGORIES
Share This

COMMENTS

Wordpress (0)
Disqus (0 )
Translate