ਕੁਮਾਰੀ ਸ਼ੈਲਜਾ ਨੇ ਡੱਲੇਵਾਲ ਦੀ ਸਿਹਤ ਤੇ ਜਤਾਈ ਚਿੰਤਾ
ਹਰਿਆਣਾ 16 ਦਸੰਬਰ। ਅਖਿਲ ਭਾਰਤੀ ਕਾਂਗਰਸ ਕਮੇਟੀ ਦੀ ਚੈਨਲ ਸਕੱਤਰ ਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸੈਲਜਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਪ੍ਰਗਟ ਕੀਤੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਸਬੰਧ ਵਿੱਚ ਤੁਰੰਤ ਕਦਮ ਚੁੱਕਣਾ ਚਾਹੀਦਾ ਹੈ ਤੇ ਕਿਸਾਨਾਂ ਦੀਆਂ ਮੰਗਾਂ ਦੇ ਵਿਚਾਰ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਦਖਲ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਡਲੇਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਖੁੱਲਾ ਪੱਤਰ ਲਿਖ ਕੇ ਐਮਐਸਪੀ ਗਰੰਟੀ ਕਾਨੂੰਨ ਸਮੇਤ 13 ਮੰਗਾਂ ਉਠਾਈਆਂ ਗਈਆਂ ਹਨ। ਜਿਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਪੰਜਾਬ ਦੇ ਹਰਿਆਣੇ ਦੇ ਬਾਰਡਰ ਨੂੰ ਭਾਰਤ ਪਾਕਿਸਤਾਨ ਦਾ ਬਾਰਡਰ ਬਣਾ ਕੇ ਰੱਖ ਦਿੱਤਾ ਗਿਆ ਹੈ।
ਕੁਮਾਰੀ ਸ਼ੈਲਜਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਧਰਨਾ ਖਤਮ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਇੱਕ ਪਾਸੇ ਅੰਨਦਾਤਾ ਸੜਕਾਂ ਤੇ ਰੁਲ ਰਿਹਾ ਹੈ ਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਦਾ ਕੋਈ ਵੀ ਮੰਤਰੀ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਕੇਂਦਰ ਸਰਕਾਰ ਦਾ ਕਿਸਾਨਾਂ ਨਾਲ ਇਹ ਵਿਹਾਰ ਅੰਗਰੇਜ਼ਾਂ ਦੇ ਦੌਰ ਨੂੰ ਯਾਦ ਕਰਵਾ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਖੜੀ ਹੈ।