ਸੂਬੇ ‘ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ,’ਮੇਅਰ ਵੀ ‘ਆਪ’ ਦਾ ਬਣਾਓ, ਫੇਰ ਦੁੱਗਣੀ ਰਫ਼ਤਾਰ ਨਾਲ ਸ਼ਹਿਰ ਦਾ ਹੋਵੇਗਾ ਵਿਕਾਸ – ਭਗਵੰਤ ਮਾਨ
ਮੁੱਖ ਮੰਤਰੀ ਮਾਨ ਨੇ ਫਗਵਾੜਾ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਿਗਮ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਕਿਹਾ – ਪਹਿਲਾਂ ਫਗਵਾੜਾ ਦਾ ਫੁੱਟਬਾਲ ਕਲੱਬ ਬਹੁਤ ਮਸ਼ਹੂਰ ਹੁੰਦਾ ਸੀ, ਪਿਛਲੀਆਂ ਸਰਕਾਰਾਂ ਨੇ ਸਭ bਕੁਝ ਤਬਾਹ ਕਰ ਦਿੱਤਾ
ਸੱਤਾ ਸੰਭਾਲਣ ਤੋਂ ਬਾਅਦ ਅਸੀਂ ਮੁੜ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸ਼ੁਰੂ ਕੀਤਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕੀਤਾ
ਫਗਵਾੜਾ, 18 ਦਸੰਬਰ 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਫਗਵਾੜਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ।
ਰੋਡ ਸ਼ੋਅ ‘ਚ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਵਿਧਾਇਕ ਇਸ਼ਾਂਕ ਚੱਬੇਵਾਲ ਅਤੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਹਾਜ਼ਰ ਸਨ। ਰੋਡ ਸ਼ੋਅ ਵਿੱਚ ਪਾਰਟੀ ਦੇ ਕੌਂਸਲਰ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਵੀ ਮੌਜੂਦ ਸਨ। ਲੋਕਾਂ ਨੇ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਨੇ ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਵੀ ਕੀਤਾ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਫਗਵਾੜਾ ਦੇ ਵਿਕਾਸ ਲਈ ਆਪਣੀਆਂ ਯੋਜਨਾਵਾਂ ਦੀ ਰੂਪ ਰੇਖਾ ਉਲੀਕੀ ਅਤੇ ਸ਼ਹਿਰ ਵਿੱਚ ਆਧੁਨਿਕ ਚਾਰਜਿੰਗ ਸਟੇਸ਼ਨਾਂ ਵਾਲੀਆਂ ਇਲੈਕਟ੍ਰਿਕ ਬੱਸਾਂ ਸ਼ੁਰੂ ਕਰਨ ਅਤੇ ਸੀਵਰੇਜ ਦੀ ਬਿਹਤਰ ਵਿਵਸਥਾ ਬਣਾਉਣ ਦਾ ਵਾਅਦਾ ਕੀਤਾ।
ਮਾਨ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਸ਼ਹਿਰਾਂ ਦੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਬਿਹਤਰ ਉਮੀਦਵਾਰਾਂ ਦੀ ਚੋਣ ਕਰੋ ਜੋ ਤੁਹਾਡੇ ਲਈ ਕੰਮ ਕਰ ਸਕਣ ਅਤੇ ਸਥਾਨਕ ਮੁੱਦਿਆਂ ਨੂੰ ਹੱਲ ਕਰ ਸਕਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੇਅਰ ਆਮ ਆਦਮੀ ਪਾਰਟੀ ਦਾ ਹੀ ਬਣਾਓ ਕਿਉਂਕਿ ਸੂਬੇ ਵਿੱਚ ਸਾਡੀ ਸਰਕਾਰ ਹੈ। ਜੇਕਰ ਮੇਅਰ ਵੀ ਸਾਡਾ ਹੋਵੇਗਾ ਤਾਂ ਸ਼ਹਿਰ ਦੁੱਗਣੀ ਰਫ਼ਤਾਰ ਨਾਲ ਵਿਕਾਸ ਕਰੇਗਾ ਅਤੇ ਸਾਡਾ ਮਨੋਬਲ ਵੀ ਵਧੇਗਾ।
ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਯੋਗਤਾ ਦੇ ਆਧਾਰ ‘ਤੇ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅਸੀਂ ਭ੍ਰਿਸ਼ਟਾਚਾਰ ਨੂੰ ਘਟਾਇਆ ਅਤੇ ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰ ਰਹੀ ਹੈ। ਪਿਛਲੇ ਢਾਈ ਸਾਲਾਂ ਦੌਰਾਨ ਅਸੀਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਖੋਲ੍ਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਕੀਤੀ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ ਜਾ ਰਿਹਾ ਹੈ। ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ।
ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਵੇਲੇ ਖੇਤੀ ਲਈ ਲੋੜੀਂਦੀ ਬਿਜਲੀ ਵੀ ਮਿਲ ਰਹੀ ਹੈ। ਖੇਤਾਂ ਨੂੰ ਨਹਿਰੀ ਪਾਣੀ ਵੀ ਸਪਲਾਈ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕੰਮ ਇਸ ਲਈ ਸੰਭਵ ਹੋਇਆ ਕਿਉਂਕਿ ਸਾਡੀ ਨੀਅਤ ਸਾਫ਼ ਸੀ। ਪਿਛਲੀਆਂ ਸਰਕਾਰਾਂ ਵਿੱਚ ਬੈਠੇ ਲੋਕ ਭ੍ਰਿਸ਼ਟ ਸਨ ਜਿਸ ਕਰਕੇ ਕੰਮ ਸਫ਼ਲ ਨਹੀਂ ਹੋ ਸਕੇ।
ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ਉਹ ਸਵੇਰੇ ਉੱਠ ਕੇ ਆਪਸ ‘ਚ ਲੜਨ ਲੱਗ ਜਾਂਦੇ ਹਨ ਜਾਂ ਫਿਰ ਸਾਡੇ ਨਾਲ ਉਲਝ ਜਾਂਦੇ ਹਨ। ਉਹ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਕਰ ਸਕਦੇ। ਅਸੀਂ ਤੁਹਾਡੇ ਲਈ ਸੋਚਦੇ ਹਾਂ। ਤੁਹਾਡੇ ਲਈ ਕੰਮ ਕਰਦੇ ਹਾਂ। ਮਾਨ ਨੇ ਸੁਖਬੀਰ ਬਾਦਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਰੱਬ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿੱਤੀ ਹੈ। ਹੁਣ ਉਹ ਪੰਜਾਬ ਦੀ ਸਿਆਸਤ ਤੋਂ ਪੂਰੀ ਤਰ੍ਹਾਂ ਬਾਹਰ ਹੋ ਗਏ ਹਨ।
ਪਿਛਲੀਆਂ ਸਰਕਾਰਾਂ ‘ਤੇ ਹਮਲਾ ਬੋਲਦਿਆਂ ਮਾਨ ਨੇ ਕਿਹਾ ਕਿ ਪਹਿਲਾਂ ਫਗਵਾੜਾ ‘ਚ ਮਸ਼ਹੂਰ ਫੁੱਟਬਾਲ ਕਲੱਬ ਹੋਇਆ ਕਰਦਾ ਸੀ। ਇੱਥੇ ਫੁੱਟਬਾਲ ਅਤੇ ਹੋਰ ਖੇਡਾਂ ਲਈ ਵੀ ਚੰਗਾ ਮਾਹੌਲ ਸੀ। ਪਰ ਪਿਛਲੀਆਂ ਸਰਕਾਰਾਂ ਨੇ ਸਭ ਕੁਝ ਖ਼ਤਮ ਕਰ ਦਿੱਤਾ। ਸੱਤਾ ਸੰਭਾਲਣ ਤੋਂ ਬਾਅਦ ਅਸੀਂ ਮੁੜ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸ਼ੁਰੂ ਕੀਤਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਕਈ ਸਕੀਮਾਂ ਲਾਗੂ ਕੀਤੀਆਂ।
ਸੀਐਮ ਮਾਨ ਨੇ ਜਲੰਧਰ ਦੇ ਲੋਕਾਂ ਨੂੰ 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਓ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ਵਿੱਚ ਝਾੜੂ ਸਿਰਫ਼ ਇੱਕ ਬਟਨ ਨਹੀਂ ਹੈ, ਸਗੋਂ ਇਹ ਆਮ ਲੋਕਾਂ ਦੀ ਆਸ ਅਤੇ ਉਨ੍ਹਾਂ ਦੇ ਬੱਚਿਆਂ ਦੇ ਚੰਗੇਰੇ ਭਵਿੱਖ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਅਸੀਂ ਆਮ ਘਰਾਂ ਦੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੰਦੇ ਹਾਂ। ਉਨ੍ਹਾਂ ਫਗਵਾੜਾ ਵਿੱਚ ਇੱਕ ਈ-ਰਿਕਸ਼ਾ ਚਾਲਕ ਨੂੰ ਕੌਂਸਲਰ ਟਿਕਟ ਦੇਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹਾ ਆਮ ਆਦਮੀ ਪਾਰਟੀ ਵਿੱਚ ਹੀ ਸੰਭਵ ਹੋ ਸਕਦਾ ਹੈ।