ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦਾ ਤੇਜਾ ਖੇੜਾ ਫਾਰਮ ਵਿੱਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
ਉਪ ਰਾਸ਼ਟਰਪਤੀ ਜਗਦੀਪ ਧਨਖੜ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਵੱਖ ਵੱਖ ਸੂਬਿਆਂ ਦੇ ਲੀਡਰਾਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਸਿਰਸਾ 21 ਦਸੰਬਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦਾ ਅੱਜ ਜ਼ਿਲ੍ਹਾ ਸਰਸਾ ਦੇ ਤੇਜਾ ਖੇੜਾ ਫਾਰਮ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਜਿੱਥੇ ਉਪਰਾਸ਼ਟਰਪਤੀ ਸ੍ਰੀ ਜਗਦੀਪ ਧਣਖੜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਵੱਖ-ਵੱਖ ਸੂਬਿਆਂ ਦੇ ਲੀਡਰਾਂ ਨੇ ਪਹੁੰਚ ਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਉਹਨਾਂ ਵੱਲੋਂ ਸਿਆਸੀ ਖੇਤਰ ਵਿੱਚ ਪਾਈ ਜੋਗਦਾਨ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਤੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨੇ ਕਿਹਾ ਕਿ ਸ੍ਰੀ ਓਮ ਪ੍ਰਕਾਸ਼ ਚੌਟਾਲਾ ਪਿੰਡਾਂ ਦੇ ਵਿਕਾਸ ਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਲੀਡਰ ਸਨ। ਉਹਨਾਂ ਵੱਲੋਂ ਦੇਸ਼ ਦੀ ਰਾਜਨੀਤੀ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਤੇ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਉਹਨਾਂ ਕਿਹਾ ਕਿ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦਾ ਲੰਬਾ ਰਾਜਨੀਤਿਕ ਜੀਵਨ ਲੋਕਾਂ ਦੀ ਸੇਵਾ ਨੂੰ ਸਮਰਪਿਤ ਰਿਹਾ ਹੈ। ਉਹਨਾਂ ਨੇ ਕਿਸਾਨਾਂ ਤੇ ਗਰੀਬਾਂ ਦੀ ਆਵਾਜ਼ ਨੂੰ ਹਮੇਸ਼ਾ ਬੁਲੰਦ ਕੀਤਾ। ਉਹਨਾਂ ਦਾ ਚਲੇ ਜਾਣਾ ਦੇਸ਼ ਤੇ ਸੂਬੇ ਦੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਸ ਮੌਕੇ ਤੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਵੀ ਸ੍ਰੀ ਓਮ ਪ੍ਰਕਾਸ਼ ਚੌਟਾਲਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਤੇ ਹਰਿਆਣਾ ਸਰਕਾਰ ਦੇ ਵੱਖ ਵੱਖ ਕੈਬਨਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ। ਉਧਰ ਪੰਜਾਬ ਤੋਂ ਸੁਖਬੀਰ ਸਿੰਘ ਬਾਦਲ,ਬਿਕਰਮ ਸਿੰਘ ਮਜੀਠੀਆ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਪਹੁੰਚ ਕੇ ਵੀ ਓਮ ਪ੍ਰਕਾਸ਼ ਚੌਟਾਲਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।