ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 27 ਦਸੰਬਰ
26 ਜਨਵਰੀ 2023 ਨੂੰ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬਣਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਸਮਾਗਮ ਦੀ ਰੂਪ-ਰੇਖਾ ਉਲੀਕਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਕਰਵਾਇਆ ਜਾਵੇਗਾ। ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।
ਮੀਟਿੰਗ ਵਿੱਚ ਐਸ.ਡੀ.ਐਮ. ਫਿਰੋਜ਼ਪੁਰ ਸ. ਰਣਜੀਤ ਸਿੰਘ, ਜ਼ਿਲ੍ਹਾ ਮਾਲ ਅਫਸਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਤਹਿਸੀਲਦਾਰ ਸੁਖਬੀਰ ਕੌਰ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।