ਹੁਣ ਪੰਜਾਬ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ-ਅਮਨ ਅਰੋੜਾ
ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜਨਮ ਦਿਨ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ
ਮੋਗਾ, 28 ਜਨਵਰੀ (ਸਚਵੀਰ ਸਿੰਘ) – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਅਮਨ ਅਰੋੜਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। ਜਦਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲ ਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ’ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।
ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।
ਇਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਨਾਜਾਇਜ਼ ਉਸਾਰੀਆਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਹੁਣ ਗੈਰ ਕਾਨੂੰਨੀ ਕਲੋਨੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਦੇ ਸਿਰ ਉੱਤੇ ਛੱਤ ਯਕੀਨੀ ਬਣਾਉਣ ਲਈ ਬਹੁਤ ਸੌਖੀ ਅਤੇ ਸਰਲ ਹਾਊਸਿੰਗ ਪਾਲਸੀ ਲਿਆਂਦੀ ਗਈ ਹੈ। ਪਿਛਲੇ ਸਮੇਂ ਦੌਰਾਨ ਸੂਬੇ ਵਿਚ ਵਿਕਸਤ ਹੋਈਆਂ 14500 ਦੇ ਕਰੀਬ ਗੈਰ-ਕਾਨੂੰਨੀ ਕਲੋਨੀਆਂ ਨੂੰ ਅਧਿਕਾਰਿਤ ਕਰਾਉਣ ਲਈ ਇਸ ਪਾਲਸੀ ਦਾ ਲਾਭ ਲੈਣਾ ਚਾਹੀਦਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਵੀ ਕਿਸਮ ਦਾ ਗੈਰ-ਕਾਨੂੰਨੀ ਕੰਮ ਅਤੇ ਭਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ।
ਇਸ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ’ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪੁਲਿਸ ਮੋਗਾ ਵਲੋਂ ਉਹਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਤੋਂ ਬਾਅਦ ਉਹਨਾਂ ਨੇ ਪਿੰਡ ਵਿੱਚ ਚੱਲ ਰਹੇ ਖੇਡ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਦੀ ਮੰਗ ਉੱਤੇ 12 ਲੱਖ ਰੁਪਏ ਦੀ ਗ੍ਰਾਂਟ ਭੇਜਣ ਦਾ ਐਲਾਨ ਕੀਤਾ।