ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ
ਚੰਡੀਗੜ 12 ਮਈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਐੱਮਸੀ) ਦੇ ਨਵੇਂ ਚੁਣੇ ਮੈਂਬਰਾਂ ਦੇ ਇੱਕ ਵਫ਼ਦ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ਸੰਤ ਕਬੀਰ ਕੁਟੀਰ, ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਮੇਟੀ ਦੇ ਨਵ-ਚੁਣੇ ਮੈਂਬਰਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਮੁਲਾਕਾਤ ਨੂੰ ਸਿੱਖ ਸਮਾਜ ਲਈ ਇੱਕ ਇਤਿਹਾਸਕ ਅਤੇ ਮਹੱਤਵਪੂਰਨ ਲਮਹਾ ਕਰਾਰ ਦਿੱਤਾ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਸਰਕਾਰ ਦੇ ਤੀਜੀ ਵਾਰ ਸੱਤਾ ਵਿੱਚ ਆਉਣ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਹਿਲੀ ਵਾਰ ਸ਼ਾਂਤੀਪੂਰਣ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋਈਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਮੇਟੀ ਸੂਬੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਅਹਿਮ ਭੂਮਿਕਾ ਨਿਭਾਏਗੀ, ਜਿਸ ਨਾਲ ਸਿੱਖ ਸਮਾਜ ਦੀ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੁਲਾਕਾਤ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਨੂੰ ਕਮੇਟੀ ਦੇ ਭਵਿੱਖੀ ਯੋਜਨਾਵਾਂ ਅਤੇ ਸਿੱਖ ਗੁਰਦੁਆਰਿਆਂ ਦੇ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਉਣ ਸਬੰਧੀ ਚੱਲ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਵਫ਼ਦ ਨੇ ਸਰਕਾਰ ਦੇ ਸਹਿਯੋਗ ਅਤੇ ਸ਼ਾਂਤੀਪੂਰਣ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਸੰਪੰਨ ਕਰਵਾਉਣ ਲਈ ਮੁੱਖ ਮੰਤਰੀ ਅਤੇ ਸੂਬਾ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ।ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ 40 ਮੈਂਬਰ ਸਿੱਖ ਸੰਗਤ ਵੱਲੋਂ ਵੋਟਾਂ ਰਾਹੀਂ ਚੁਣੇ ਗਏ ਹਨ, ਜਦਕਿ 9 ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਹ ਕਮੇਟੀ ਸੂਬੇ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੰਭਾਲ, ਸੇਵਾ ਅਤੇ ਪ੍ਰਬੰਧਨ ਦੇ ਨਾਲ-ਨਾਲ ਸਿੱਖ ਸਮਾਜ ਦੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਏਗੀ।ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਿੱਖ ਸਮਾਜ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਮਿਲ ਕੇ ਸੂਬੇ ਵਿੱਚ ਸਿੱਖ ਧਰਮ ਦੀਆਂ ਪਰੰਪਰਾਵਾਂ ਅਤੇ ਸੇਵਾਵਾਂ ਨੂੰ ਹੋਰ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗੀ।ਇਸ ਮੌਕੇ ਵਫ਼ਦ ਵਿੱਚ ਸ਼ਾਮਲ ਮੈਂਬਰਾਂ ਨੇ ਮੁੱਖ ਮੰਤਰੀ ਦੇ ਸਕਾਰਾਤਮਕ ਰਵੱਈਏ ਅਤੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਸਹਿਯੋਗ ਨਾਲ ਕਮੇਟੀ ਸਿੱਖ ਸਮਾਜ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਗੁਰਦੁਆਰਿਆਂ ਦੇ ਪ੍ਰਬੰਧਨ ਨੂੰ ਹੋਰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਵਚਨਬੱਧ ਹੈ।



