ਪੰਜਾਬ ਸਰਕਾਰ ਵੱਲੋਂ ਨਰਮੇ ਦੀਆਂ ਬੀਟੀ ਕਿਸਮਾਂ ਤੇ 33 ਫੀਸਦੀ ਸਬਸਿਡੀ ਉਪਲਬੱਧ—ਡਿਪਟੀ ਕਮਿਸ਼ਨਰ


—ਕਿਸਾਨਾਂ ਨੂੰ ਪ੍ਰਮਾਣਿਤ ਕਿਸਮਾਂ ਦੀ ਹੀ ਬਿਜਾਈ ਕਰਨ ਦੀ ਅਪੀਲ
—ਕਿਸਾਨਾਂ ਨੂੰ ਮੂੰਗੀ ਦੀ ਕਾਸਤ ਨਾ ਕਰਨ ਦੀ ਸਲਾਹ
ਫਾਜਿ਼ਲਕਾ, 20 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿਚ ਫਸਲੀ ਵਿਭਿੰਨਤਾ ਤਹਿਤ ਨਰਮੇ ਦੀ ਕਾਸਤ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕਿਸਾਨਾਂ ਨੂੰ ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ ਏ ਐਸ ਨੇ ਦਿੱਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਨਰਮੇ ਦੀਆਂ ਕੇਵਲ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਵੱਲੋ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਤੇ ਹੀ ਸਬਸਿਡੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਰਮੇ ਦੀ ਕਾਸਤ ਲਈ ਕਿਸਾਨਾਂ ਨੂੰ ਭਰਪੂਰ ਪਾਣੀ ਮੁਹਈਆ ਕਰਵਾਇਆ ਜਾਵੇਗਾ ਅਤੇ ਫਸਲਾਂ ਦੀ ਰੌਣੀ ਕਰਨ ਲਈ ਪਹਿਲਾਂ ਹੀ ਨਹਿਰੀ ਪਾਣੀ ਮੁਹਈਆ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਨਰਮੇ ਲਈ ਕਿਸਾਨਾਂ ਨੂੰ ਭਰਪੂਰ ਨਹਿਰੀ ਪਾਣੀ ਮਿਲੇਗਾ।
ਇਸ ਸਬੰਧੀ ਜਿ਼ਲ੍ਹਾ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਮੇ ਦੇ ਬੀਜ ਤੇ ਸਬਸਿਡੀ ਲੈਣ ਲਈ ਕਿਸਾਨ ਵਿਭਾਗ ਦੇ ਆਨਲਾਈਨ ਪੋਰਟਲ  https://agrimachinerypb.com/ ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦ ਤੋਂ ਜਲਦ ਨਰਮੇ ਦੀ ਬਿਜਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਨਰਮੇ ਦੀ ਬਿਜਾਈ ਲਈ ਢੁਕਵਾਂ ਸਮਾਂ ਚੱਲ ਰਿਹਾ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਫਾਜਿ਼ਲਕਾ ਜਿ਼ਲ੍ਹੇ ਵਿਚ ਮੂੰਗੀ ਦੀ ਕਾਸਤ ਨਾ ਕਰਨ ਦੀ ਸਲਾਹ ਵੀ ਦਿੱਤੀ ਹੈ ਅਤੇ ਕਿਹਾ ਹੈ ਕਿ ਮੂੰਗੀ ਕਾਰਨ ਨਰਮੇ ਦੇ ਚਿੱਟੀ ਮੱਖੀ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਕਿਸਾਨ ਮੂੰਗੀ ਨਾ ਲਗਾਉਣ ਸਗੋਂ ਨਰਮੇ ਦੀ ਬਿਜਾਈ ਨੂੰ ਤਰਜੀਹ ਦੇਣ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਵਿਚ ਸਰਕਾਰ ਵੱਲੋਂ ਮੂੰਗੀ ਦੀ ਖਰੀਦ ਨਹੀਂ ਕੀਤੀ ਜਾਵੇਗੀ।

CATEGORIES
TAGS
Share This

COMMENTS

Wordpress (0)
Disqus (0 )
Translate