ਡਿਪਟੀ ਕਮਿਸ਼ਨਰ ਵੱਲੋਂ ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ ਪੋਰਟਲ’ਤੇ ਪ੍ਰਾਪਤ ਸ਼ਿਕਾਇਤਾਂ ਦਾ ਸਮੇਂ ਸਿਰ ਯੋਗ ਨਿਪਟਾਰਾ ਕਰਨ ਦੇ ਆਦੇਸ਼
ਸਰਕਾਰੀ ਵਿਭਾਗਾਂ ’ਚ ਲੋਕਾਂ ਦੀ ਖੱਜਲ ਖੁਆਰੀ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਵਚਨਬੱਧ: ਵਿਨੀਤ ਕੁਮਾਰ
ਸ੍ਰੀ ਮੁਕਤਸਰ ਸਾਹਿਬ 20 ਅਪ੍ਰੈਲ
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ (ਪੀ.ਜੀ.ਆਰ.ਐਸ) ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਸਰਕਾਰੀ ਦਫ਼ਤਰ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗੀ ਪੱਧਰ ’ਤੇ ਪ੍ਰਾਪਤ ਹੋਣ ਵਾਲੇ ਬਿਨੈ ਪੱਤਰਾਂ ਤੇ ਸ਼ਿਕਾਇਤਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ ਲਈ ਢੁਕਵੇਂ ਕਦਮ ਪੁੱਟੇ ਜਾਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਬੇਲੋੜੀ ਖੱਜਲ ਖੁਆਰੀ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਹਰ ਵਿਭਾਗ ਦੇ ਪੱਧਰ ’ਤੇ ਇੱਕ ਨੋਡਲ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇ ਜੋ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਯੋਗ ਨਿਪਟਾਰੇ ਲਈ ਤੱਥ ਆਧਾਰਿਤ ਜਾਣਕਾਰੀ ਰੱਖਦਾ ਹੋਵੇ ਅਤੇ ਪੀਜੀਆਰਐਸ ਦੀ ਸਮਾਂ ਸੀਮਾ ਮੁਤਾਬਕ ਕਾਰਵਾਈ ਅਮਲ ਵਿੱਚ ਲਿਆ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤੇ ਗਏ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਵਿੱਚ ਆਨਲਾਈਨ ਜਾਂ ਆਫ਼ਲਾਈਨ ਪ੍ਰਣਾਲੀ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਸਬੰਧਤ ਵਿਭਾਗਾਂ ਵਿੱਚ ਤਬਦੀਲ ਕੀਤਾ ਜਾਂਦਾ ਹੈ ਅਤੇ ਵਿਭਾਗੀ ਮੁਖੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਯੋਗ ਨਿਪਟਾਰੇ ਲਈ ਨਾਗਰਿਕਾਂ ਨੂੰ ਨਿਰੋਲ ਮੈਰਿਟ ਦੇ ਆਧਾਰ ’ਤੇ ਸਮਾਂਬੱਧ, ਪਾਰਦਰਸ਼ੀ ਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪੂਰੀ ਦ੍ਰਿੜਤਾ ਨਾਲ ਕੰਮ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਕੰਮਕਾਜ ਪ੍ਰਤੀ ਲੋਕਾਂ ਦੇ ਇਤਬਾਰ ਨੂੰ ਵਧੇਰੇ ਪਰਪੱਕ ਕਰਨ ਦੀ ਲੋੜ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਹਾਸਲ ਹੋ ਸਕਣ। ਉਨ੍ਹਾਂ ਮਾਲ ਵਿਭਾਗ, ਸਿਹਤ ਵਿਭਾਗ, ਸਿੱਖਿਆ, ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ, ਲੋਕ ਨਿਰਮਾਣ, ਸਿੰਜਾਈ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ। ਉਨ੍ਹਾਂ ਇਸ ਦੌਰਾਨ ਈ-ਸੇਵਾ ਕੇਂਦਰਾਂ ਬਾਰੇ ਵੀ ਸਮੀਖਿਆ ਕੀਤੀ।