ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲੀ ਵਿਭਿੰਨਤਾ ਲਿਆਉਣ ਲਈ ਉਪਰਾਲੇ ਜਾਰੀ
-ਨਰਮਾ, ਬਾਸਮਤੀ ਹੇਠ ਰਕਬਾ ਵਧਾਉਣ ਦੇ ਨਾਲ- ਨਾਲ ਝੋਨੇਂ ਅਤੇ ਬਾਸਮਤੀ ਦੀ ਬਿਨਾਂ ਕੱਦੂ ਕੀਤੇ ਸਿੱਧੀ ਬਿਜਾਈ ਕਰਨ ਦੀ ਵੀ ਕਿਸਾਨਾਂ ਨੂੰ ਅਪੀਲ
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ:
ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਰਾਜ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਸਬੰਧੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਵਿਨੀਤ ਕੁਮਾਰ ਦੇ ਵਿਸ਼ੇਸ਼ ਯਤਨਾਂ ਸਦਕਾ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ.ਗੁਰਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਸਕੀਮ ਅਧੀਨ ਨਰਮੇ ਹੇਠ ਰਕਬਾ ਲਿਆਉਣ ਲਈ ਕਿਸਾਨ www.agrimachinerypb.com ਪੋਰਟਲ ’ਤੇ ਨਰਮੇ ਦੇ ਬੀਜ ਤੇ 33 ਫ਼ੀਸਦੀ ਸਬਸਿਡੀ ਪ੍ਰਾਪਤ ਕਰਨ ਲਈ ਅਪਲਾਈ ਕਰਨ। ਜੇਕਰ ਇਸ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਸਕਦੇ ਹਨ।
ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਲਿਆਉਣ ਲਈ ਕਿਸਾਨ ਝੋਨੇ ਦੀਆਂ ਛੇਤੀ ਪੱਕਣ ਵਾਲੀਆਂ ਕਿਸਮਾਂ ਅਤੇ ਬਾਸਮਤੀ ਨੂੰ ਤਰਜੀਹ ਦੇ ਸਕਦੇ ਹਨ, ਜਿਸ ਨਾਲ ਧਰਤੀ ਹੇਠ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੂਸਾ 44 ਨੂੰ ਤਰਜੀਹ ਨਾ ਦੇਣ ਤਾਂ ਜੋ ਪਰਾਲੀ ਨੂੰ ਪ੍ਰਬੰਧਨ ਦੀ ਸਮੱਸਿਆ ਨਾਂ ਆਵੇ।
ਜ਼ਿਲ੍ਹੇ ਵਿੱਚ ਕਣਕ ਦੀ ਵਾਢੀ ਉਪਰੰਤ ਸਮੂਹ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦੇ ਸੈਂਪਲ ਟੈਸਟ ਕਰਵਾਉਣ ਸਬੰਧੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਵੀ ਅਪੀਲ ਕੀਤੀ ਗਈ।