144 ਨਸ਼ਾ ਤਸਕਰ 6.7 ਕਿਲੋ ਹੈਰੋਇਨ ਸਮੇਤ ਕਾਬੂ

ਯੁੱਧ ਨਸ਼ਿਆਂ ਵਿਰੁਧ’ ਦਾ 99ਵਾਂ ਦਿਨ: ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 89 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪੇ੍ਰਰਿਆ

ਚੰਡੀਗੜ੍ਹ, 8 ਜੂਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 144 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.7 ਕਿਲੋਗ੍ਰਾਮ ਹੈਰੋਇਨ ਅਤੇ 440 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 99 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 16,492 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ , ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 479 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੌਰਾਨ ਰਾਜ ਭਰ ਵਿੱਚ 107 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 541 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 89 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

CATEGORIES
Share This

COMMENTS

Wordpress (0)
Disqus ( )
Translate