ਹੀਟ ਸਟ੍ਰੋਕ ਤੋਂ ਬਚਣ ਲਈ ਸੁਚੇਤ ਰਹਿਣ ਦੀ ਲੋੜ-ਡਾ.ਪ੍ਰੇਮ ਕੁਮਾਰ

ਬਿਨ੍ਹਾਂ ਕਾਰਨ ਘਰ ਤੋਂ ਬਾਹਰ ਨਾ ਨਿਕਲਣ ਦੀ ਦਿੱਤੀ ਸਲਾਹ

ਕਪੂਰਥਲਾ 9 ਜੂਨ। ਅੱਜਕਲ੍ਹ ਪੂਰੇ ਪੰਜਾਬ ਵਿੱਚ ਲੂ ਚੱਲ ਰਹੀ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਡਾ. ਪ੍ਰੇਮ ਕੁਮਾਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਹੀਟ ਸਟ੍ਰੋਕ ਭਾਵ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।
ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਜੂਨ ਦੇ ਮਹੀਨੇ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ http://mausam.imd.gov.in/ ਰਾਹੀਂ ਵੀ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।

ਹੀਟ ਸਟ੍ਰੋਕ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ:-

  1. ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ।
  2. ਪਿਆਸ ਨਾ ਲੱਗਣ ‘ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ।
  3. ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ।
  4. ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ ਜਾਂ ਦੁਪੱਟੇ ਦੀ ਵਰਤੋਂ ਕਰੋ।
  5. ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲ ਪਾਓ।
  6. ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ‘ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ
  7. ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।
  8. ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਮੌਸਮੀ, ਖਰਬੂਜਾ ਅਤੇ ਖੀਰੇ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
  9. ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਸੇਵਨ ਵਧਾਓ।
  10. ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਗੂੜ੍ਹੇ ਚਸ਼ਮੇ ਪਾਓ।

ਕੀ ਨਹੀਂ ਕਰਨਾ ਚਾਹੀਦਾ ਹੈ:
• ਧੁੱਪ ਵਿੱਚ ਖਾਸ ਤੌਰ ‘ਤੇ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਜਾਣ ਤੋਂ ਪਰਹੇਜ਼ ਕਰੋ।
• ਵਧ ਗਰਮੀ ਵਾਲੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਗੁਰੇਜ਼ ਕੀਤਾ ਜਾਵੇ, ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜੇ ਅਤੇ ਖਿੜਕੀਆਂ ਖੁੱਲੀਆਂ ਰੱਖੋ।
• ਅਲਕੋਹਲ, ਚਾਹ, ਕੌਫੀ, ਅਤੇ ਕਾਰਬੋਨੇਟਿਡ ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਅਸਲ ਵਿੱਚ ਬਾਡੀ ਫਲੂਡਜ਼ ਨੂੰ ਖਤਮ ਕਰਦੇ ਹਨ।
• ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ।
• ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਤਾਲਾਬੰਦ ਵਾਹਨ ਵਿੱਚ ਨਾ ਛੱਡੋ।

CATEGORIES
Share This

COMMENTS

Wordpress (0)
Disqus ( )
Translate