‘Yudh Nashian Virudh”’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ
— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਆ
ਚੰਡੀਗੜ੍ਹ, 12 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “Yudh Nashian Virudh”” ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 14.6 ਕਿਲੋ ਅਫੀਮ ਅਤੇ 57480 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 103 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 17,137 ਹੋ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (DGP ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 465 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 93 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 489 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।


