ਪ੍ਰੋਜੈਕਟ ਆਸ ਤਹਿਤ ਖੂਈਆਂ ਸਰਵਰ ਵਿਖੇ ਲਗਾਇਆ ਗਿਆ ਨਸ਼ਿਆਂ ਖਿਲਾਫ ਆਊਟਰੀਚ ਜਾਗਰੂਕਤਾ ਕੈਂਪ
-ਕੈਂਪ ਦਾ ਉਦੇਸ਼ ਨਸ਼ਾ ਪੀੜਤਾਂ ਤੱਕ ਸਿੱਧਾ ਰਾਬਤਾ ਕਰਕੇ ਉਹਨਾਂ ਨੂੰ ਇਲਾਜ ਲਈ ਪ੍ਰੇਰਿਤ ਕਰਨਾ- ਡਿਪਟੀ ਕਮਿਸ਼ਨਰ
-ਨਸ਼ਾ ਛੱਡਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਮੁਫਤ ਇਲਾਜ ਕੀਤਾ ਜਾਂਦਾ ਹੈ -ਐਸਐਸਪੀ
ਅਬੋਹਰ 24 ਜੂਨ
ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮਾਂ ਦੇ ਤਹਿਤ ਫਾਜਲਕਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਉਲੀਕੇ ਪ੍ਰੋਜੈਕਟ ਆਸ ਦੇ ਤਹਿਤ ਅੱਜ ਖੂਈਆਂ ਸਰਵਰ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਇੱਕ ਆਊਟਰੀਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਗੁਰਦੁਆਰਾ ਬਡ ਤੀਰਥ ਸਾਹਿਬ ਹਰੀਪੁਰਾ ਤੋਂ ਸੰਤ ਬਾਬਾ ਬਿਕਰ ਸਿੰਘ ਜੀ ਵੀ ਵਿਸ਼ੇਸ਼ ਤੌਰ ਤੇ ਸਮਾਗਮ ਵਿੱਚ ਪਹੁੰਚੇ।
ਇਸ ਮੌਕੇ ਨਸ਼ਾ ਛੱਡਣ ਲਈ ਪ੍ਰੇਰਿਤ ਹੋਏ ਨੌਜਵਾਨਾਂ ਦੀ ਹੌਸਲਾ ਅਫਜਈ ਕਰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਇਸ ਕੈਂਪ ਦਾ ਉਦੇਸ਼ ਨਸ਼ਾ ਪੀੜਤਾਂ ਨਾਲ ਸਿੱਧਾ ਰਾਬਤਾ ਕਰਕੇ ਉਨਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਆਪਕ ਪੱਧਰ ਤੇ ਨਸ਼ਾ ਮੁਕਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਤਰ੍ਹਾਂ ਦੇ ਕੈਂਪ ਲਗਾਉਣ ਦਾ ਉਦੇਸ਼ ਲੋਕਾਂ ਦੇ ਮਨਾਂ ਵਿੱਚ ਨਸ਼ੇ ਛੱਡਣ ਸਬੰਧੀ ਪਾਏ ਜਾ ਰਹੇ ਭਰਮ ਦੂਰ ਕਰਨਾ ਹੈ।
ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਜਿੱਥੇ ਨਸ਼ਿਆਂ ਦੇ ਤਸਕਰਾਂ ਖਿਲਾਫ ਵਿਆਪਕ ਅਤੇ ਕਰੜੀ ਮੁਹਿੰਮ ਜਾਰੀ ਹੈ ਉਥ ਹੀ ਨਸ਼ਾ ਪੀੜਤਾਂ ਦੇ ਇਲਾਜ ਲਈ ਵੀ ਉਪਰਾਲੇ ਵਿੱਢੇ ਗਏ ਹਨ। ਉਹਨਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਸ਼ਾ ਪੀੜਤਾਂ ਦੇ ਮੁਫਤ ਇਲਾਜ ਦੀ ਵਿਵਸਥਾ ਕੀਤੀ ਗਈ ਹੈ। ਉਹਨਾਂ ਆਖਿਆ ਕਿ ਜੋ ਲੋਕ ਨਸ਼ਾ ਛੱਡਣ ਲਈ ਅੱਗੇ ਆਉਂਦੇ ਹਨ ਉਹਨਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਇਲਾਜ ਮੁਫਤ ਕੀਤਾ ਜਾਂਦਾ ਹੈ ਅਤੇ ਅਜਿਹੇ ਵਿਅਕਤੀਆਂ ਦੀ ਪੁਲਿਸ ਵੱਲੋਂ ਕਿਸੇ ਪ੍ਰਕਾਰ ਨਾਲ ਪੁੱਛ ਪੜਤਾਲ ਨਹੀਂ ਕੀਤੀ ਜਾਂਦੀ ਹੈ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਨਾਲ ਹੁਣ ਹੋਰ ਵਧੇਰੇ ਲੋਕ ਨਸ਼ਾ ਛੱਡਣ ਲਈ ਅੱਗੇ ਆਉਣ ਲਈ ਪ੍ਰੇਰਿਤ ਹੋਣਗੇ।
ਉਨਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਜਾਂ ਓਟਕਲੀਨਿਕ ਤੱਕ ਲੈ ਕੇ ਆਉਣ ਤਾਂ ਜੋ ਉਹਨਾਂ ਦਾ ਇਲਾਜ ਕਰਵਾਇਆ ਜਾ ਸਕੇ । ਇਸ ਮੌਕੇ 22 ਨੌਜਵਾਨਾਂ ਨੇ ਨਸ਼ਿਆਂ ਛੱਡਣ ਦੀ ਇੱਛਾ ਪ੍ਰਗਟ ਕੀਤੀ ਅਤੇ ਮੌਕੇ ਤੇ ਹੀ ਸਿਹਤ ਵਿਭਾਗ ਦੀ ਟੀਮ ਨੇ ਉਹਨਾਂ ਦੀ ਰਜਿਸਟਰੇਸ਼ਨ ਕਰਕੇ ਉਹਨਾਂ ਦਾ ਇਲਾਜ ਸ਼ੁਰੂ ਕਰਵਾਇਆ।
ਗੁਰਦੁਆਰਾ ਬਡ ਤੀਰਥ ਸਾਹਿਬ ਤੋਂ ਸੰਤ ਬਾਬਾ ਬਿਕਰ ਸਿੰਘ ਜੀ ਨੇ ਇਸ ਮੌਕੇ ਹਾਜ਼ਰੀਨ ਨੂੰ ਕਿਹਾ ਕਿ ਮਨੁੱਖ ਨੂੰ ਆਪਣੇ ਸਮਾਜਿਕ ਫਰਜ਼ਾਂ ਪ੍ਰਤੀ ਸੁਚੇਤ ਹੁੰਦਿਆਂ ਅਜਿਹੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਐਰਿਕ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਬਿਮਾਰੀ ਹੈ ਅਤੇ ਇਸ ਦਾ ਦਵਾਈਆਂ ਨਾਲ ਇਲਾਜ ਸੰਭਵ ਹੈ। ਉਹਨਾਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਅਤੇ ਮੈਡੀਕਲ ਦਵਾਈ ਨਾਲ ਇਸ ਤੋਂ ਮੁਕਤੀ ਮਿਲ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਪੀੜਤ ਇਸ ਲਈ ਅਬੋਹਰ ਅਤੇ ਫਾਜੀਲਕਾ ਵਿਖੇ ਚੱਲ ਰਹੇ ਨਸ਼ਾ ਮੁਕਤੀ ਕੇਂਦਰਾਂ ਜਾਂ ਨੇੜੇ ਦੇ ਓਟ ਕਲੀਨਿਕ ਨਾਲ ਰਾਬਤਾ ਕਰ ਸਕਦੇ ਹਨ।
ਇਸ ਮੌਕੇ ਅਬੋਹਰ ਦੇ ਐਸ ਡੀ ਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ, ਡੀਐਸਪੀ ਸੁਖਵਿੰਦਰ ਸਿੰਘ, ਥਾਣਾ ਮੁਖੀ ਮਨਿੰਦਰ ਸਿੰਘ ਤੋਂ ਇਲਾਵਾ ਖੂਈਆਂ ਸਰਵਰ ਦੇ ਸਰਪੰਚ ਦਰਸ਼ਨਾ ਰਾਣੀ, ਸਮਾਜ ਸੇਵੀ ਸੁਸ਼ੀਲ ਕੁਮਾਰ ਸਵਾਮੀ , ਦਾਨੇਵਾਲਾ ਦੇ ਸਰਪੰਚ ਕਿੰਗ ਪਾਲ ਸਿੰਘ, ਹਰੀਪੁਰਾ ਦੇ ਸਰਪੰਚ ਨਿਰੰਜਨ ਦਾਸ, ਸੱਪਾਂਵਾਲੀ ਦੇ ਸਰਪੰਚ ਕਾਲੂ ਰਾਮ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਹਾਜ਼ਰ ਸਨ।।



